Farmers to hold Sadbhavna Diwas: ਨਵੀਂ ਦਿੱਲੀ: ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕੜਾਕੇ ਦੀ ਠੰਡ ਦੇ ਵਿਚਾਲੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ । ਇਸੇ ਵਿਚਾਲੇ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ‘ਤੇ ਸਦਭਾਵਨਾ ਦਿਵਸ ਮਨਾਉਣਗੇ ਅਤੇ ਇੱਕ ਦਿਨ ਦਾ ਵਰਤ ਰੱਖਣਗੇ । ਕਿਸਾਨ ਆਗੂਆਂ ਨੇ ਦਿੱਲੀ ਦੀ ਸਿੰਘੂ ਬਾਰਡਰ ‘ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਰਤ ਰੱਖਿਆ ਜਾਵੇਗਾ । ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਕਿਸਾਨ ਨੇਤਾਵਾਂ ਨੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਉਹ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੁਣ ਸਾਹਮਣੇ ਆ ਗਈ ਹੈ।
ਕਿਸਾਨ ਨੇਤਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੀਰਵਾਰ ਦੀ ਰਾਤ ਨੂੰ ਗਾਜ਼ੀਪੁਰ ਸਰਹੱਦ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਟਾਉਣ ਦੀ ਪੁਲਿਸ ਵੱਲੋਂ ਕਥਿਤ ਕੋਸ਼ਿਸ਼ ਤੋਂ ਬਾਅਦ ਸਾਰੇ ਪ੍ਰਮੁੱਖ ਵਿਰੋਧ ਸਥਾਨਾਂ – ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਵਿੱਚ ਅੰਦੋਲਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਯੁਧਿਸ਼ਟੀਰ ਸਿੰਘ ਨੇ ਕਿਹਾ ਕਿ ਸਾਨੂੰ ਇਨ੍ਹਾਂ (ਭਾਜਪਾ) ਲੋਕਾਂ ਦੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਬਾਰੇ ਵਿਆਖਿਆ ਦੀ ਲੋੜ ਨਹੀਂ ਹੈ। ਇੱਥੇ ਬੈਠੇ ਬਹੁਤੇ ਕਿਸਾਨਾਂ ਦੇ ਬੱਚੇ ਸਰਹੱਦਾਂ ‘ਤੇ ਦੇਸ਼ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਨੇ ਇਸ ਨੂੰ ਹੋਰ ਤੇਜ਼ ਕਰ ਦਿੱਤਾ ਹੈ ਕਿਉਂਕਿ ਪਿਛਲੀ ਰਾਤ ਦੀ ਘਟਨਾ ਤੋਂ ਬਾਅਦ ਤੋਂ ਜ਼ਿਆਦਾ ਲੋਕ ਇਸ ਅੰਦੋਲਨ ਵਿੱਚ ਸ਼ਾਮਿਲ ਹੋਏ ਹਨ।
ਦੱਸ ਦੇਈਏ ਕਿ ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਸਰਕਾਰ ਹੁਣ ਚੱਲ ਰਹੀ ਸ਼ਾਂਤਮਈ ਕਿਸਾਨੀ ਅੰਦੋਲਨ ਨੂੰ ਫਿਰਕੂ ਰੰਗ ਦੇ ਰਹੀ ਹੈ । ਇਸ ਸਬੰਧੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਵੱਧ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਹਾਲੀ ਤੋਂ 800 ਤੋਂ ਵੱਧ ਟਰੈਕਟਰ ਟਰਾਲੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਆ ਰਹੀਆਂ ਹਨ । ਪਾਲ ਨੇ ਸਰਕਾਰ ਨੂੰ ਸਾਰੀਆਂ ਅੰਦੋਲਨ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਦੇਖੋ: ਜੋਗਿੰਦਰ ਯਾਦਵ ਨੇ ਸਟੇਜ ਤੋਂ ਕਿਹਾ, ਭਾਵੁਕ ਹੋਏ ਟਿਕੈਤ ਦੇ ਚਾਰ ਹੰਝੂਆਂ ਨੇ ਸਾਰੇ ਦਾਗ ਧੋ ਦਿੱਤੇ