Farmers to start relay hunger strike: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹਨ।
ਦਰਅਸਲ, ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਕਿਸਾਨ ਯੂਨੀਅਨਾਂ ਵੱਲੋਂ ਅੱਜ (21 ਦਸੰਬਰ) ਨੂੰ ਸਾਰੇ ਧਰਨਾ ਪ੍ਰਦਰਸ਼ਨ ਸਥਾਨਾਂ ’ਤੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ । ਇਸ ਤੋਂ ਇਲਾਵਾ 25 ਤੋਂ 27 ਦਸੰਬਰ ਤੱਕ ਹਰਿਆਣਾ ਵਿੱਚ ਸਾਰੇ ਰਾਜਮਾਰਗਾਂ ‘ਤੇ ਟੋਲ ਵਸੂਲੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸੇ ਵਿਚਾਲੇ ਸਰਕਾਰ ਵੱਲੋਂ 40 ਕਿਸਾਨ ਸੰਗਠਨਾਂ ਨੂੰ ਇੱਕ ਪੱਤਰ ਲਿਖਿਆ ਗਿਆ ਹੈ । ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ 40 ਕਿਸਾਨ ਸੰਗਠਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੰਦਿਆਂ ਪੱਤਰ ਲਿਖਿਆ ਹੈ।
ਉੱਥੇ ਹੀ ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿੱਚ ਕਿਹਾ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ । ਉਹ ਇੱਕ-ਦੋ ਦਿਨਾਂ ਵਿੱਚ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਵੱਡਾ ਬਿਆਨ ਦਿੱਤਾ ਹੈ । ਖੱਟਰ ਨੇ ਕਿਹਾ ਕਿ ਜੇ ਐਮਐਸਪੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਵੀ ਉਹ ਰਾਜਨੀਤੀ ਛੱਡ ਦੇਣਗੇ।
ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਅੰਦੋਲਨ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ । ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਸਿੰਘੂ ਬਾਰਡਰ ‘ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ,’ ‘ਸੋਮਵਾਰ ਨੂੰ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਪ੍ਰਦਰਸ਼ਨ ਸਥਾਨਾਂ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ । ਇਸਦੀ ਸ਼ੁਰੂਆਤ ਸਿੰਘੂ ਬਾਰਡਰ ਸਮੇਤ ਇੱਥੋਂ ਦੇ ਧਰਨਾ ਪ੍ਰਦਰਸ਼ਨ ਸਥਾਨਾਂ ‘ਤੇ 11 ਮੈਂਬਰਾਂ ਦੀ ਟੁਕੜੀ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਭਰ ਵਿੱਚ ਸਾਰੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਮੌਜੂਦ ਸਾਰੇ ਲੋਕਾਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।
ਇਹ ਵੀ ਦੇਖੋ: ਪਾਣੀਪਤ ਵਿਖੇ ਹਿੰਦੂ ਸਿੱਖ ਤੇ ਮੁਸਲਮਾਨ ਭਾਈਚਾਰੇ ਨੇ ਸਮੂਹਿਕ ਲੰਗਰ ਲਾ ਕੇ ਪੈਦਾ ਕੀਤੀ ਮਿਸਾਲ