Farmers to study Centre proposal: ਖੇਤੀਬਾੜੀ ਕਾਨੂੰਨਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ 13 ਕਿਸਾਨ ਨੇਤਾਵਾਂ ਦੀ ਮੰਗਲਵਾਰ ਰਾਤ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ । ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ । ਬੈਠਕ ਤੋਂ ਬਾਅਦ ਕਿਸਾਨ ਆਗੂ ਹਨਨ ਮੁੱਲਾ ਬਹੁਤ ਨਾਰਾਜ਼ ਨਜ਼ਰ ਦਿਖਾਈ ਦਿੱਤੇ । ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਸਰਕਾਰ ਨਾਲ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ।
ਹਨਨ ਮੁੱਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਅੱਜ ਲਿਖਤੀ ਰੂਪ ਵਿੱਚ ਪ੍ਰਸਤਾਵ ਭੇਜੇਗੀ । ਸਿੰਘੂ ਬਾਰਡਰ ‘ਤੇ ਅੱਜ ਦੁਪਹਿਰ 12 ਵਜੇ ਕਿਸਾਨ ਨੇਤਾਵਾਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਰਕਾਰ ਵੱਲੋਂ ਭੇਜੇ ਜਾਣ ਵਾਲੇ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪ੍ਰਸਤਾਵ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਹੋਰ ਫੈਸਲਾ ਕਰਾਂਗੇ । ਉਨ੍ਹਾਂ ਇਹ ਵੀ ਕਿਹਾ ਕਿ ਬੁੱਧਵਾਰ ਨੂੰ ਸਰਕਾਰ ਨਾਲ ਮੁਲਾਕਾਤ ਵੀ ਰੱਦ ਕਰ ਦਿੱਤੀ ਗਈ ਹੈ।
ਦਰਅਸਲ, ਅੱਜ ਸਰਕਾਰ ਅਤੇ ਕਿਸਾਨ ਨੇਤਾਵਾਂ ਵਿਚਾਲੇ ਗੱਲਬਾਤ ਦਾ ਛੇਵਾਂ ਦੌਰ ਹੋਣਾ ਸੀ। ਗ੍ਰਹਿ ਮੰਤਰੀ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਸਰਕਾਰ ਨਾਲ ਹੁਣ ਤੱਕ ਪੰਜ ਗੇੜ ਦੀ ਗੱਲਬਾਤ ਹੋ ਚੁੱਕੀ ਹੈ । ਇਹ 5 ਦੌਰ ਦੀ ਗਲਬਾਰ ਬੇਨਤੀਜਾ ਰਹੀ ਹੈ। ਕਿਉਂਕਿ ਇੱਕ ਪਾਸੇ ਜਿੱਥੇ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਸਾਹਮਣੇ ਸੋਧ ਦਾ ਪ੍ਰਸਤਾਵ ਵੀ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ । ਮੀਟਿੰਗ ਦੇ ਪੰਜਵੇਂ ਦੌਰ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਸੀ ਕਿ ਸਾਨੂੰ ਕਿਸੇ ਫੈਸਲੇ ਦੀ ਲੋੜ ਹੈ । ਅਸੀਂ ਹਾਂ ਜਾਂ ਨਾਂਹ ਵਿੱਚ ਜਵਾਬ ਚਾਹੁੰਦੇ ਹਾਂ। ਦੱਸ ਦੇਈਏ ਕਿ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ, ਹਨਾਨ ਮੁਲਾ, ਸ਼ਿਵ ਕੁਮਾਰ ਕੱਕਾ ਜੀ, ਬਲਵੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬੂਟਾ ਸਿੰਘ, ਹਰਿੰਦਰ ਸਿੰਘ ਲੱਖੋਵਾਲ, ਦਰਸ਼ਨ ਪਾਲ, ਕੁਲਵੰਤ ਸਿੰਘ ਸੰਧੂ , ਬੋਧ ਸਿੰਘ ਮਾਨਸਾ ਅਤੇ ਜਗਜੀਤ ਸਿੰਘ ਢਲੇਵਾਲ ਸ਼ਾਮਿਲ ਸਨ ।