Farmers will jam on : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 136 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਬੰਦ ਦਾ ਐਲਾਨ ਕੀਤਾ ਹੈ। ਇਸ ਸਮੇ ਕਿਸਾਨਾਂ ਦਾ ਬੰਦ ਸ਼ੁਰੂ ਹੋ ਚੁੱਕਾ ਹੈ ਕਿਸਾਨਾਂ ਵੱਲੋਂ 24 ਘੰਟੇ ਤੱਕ ਕੇਐਮਪੀ ਜਾਮ ਕੀਤਾ ਜਾ ਰਿਹਾ ਹੈ। ਇਸ ਬੰਦ ਦੌਰਾਨ ਕੇਐਮਪੀ ‘ਤੇ ਕਿਸਾਨਾਂ ਦਾ ਇੱਕ ਵੱਡਾ ਇੱਕਠ ਵੀ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।
ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੇ ਦੌਰਾਨ, ਸਾਡਾ ਉਦੇਸ਼ ਕੇਂਦਰ ਸਰਕਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਜਾਗਰੂਕ ਕਰਨਾ ਹੈ। ਕਿਸਾਨਾਂ ਵਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਤੋਂ ਐਤਵਾਰ ਸਵੇਰੇ 8 ਵਜੇ ਤੱਕ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ਨੂੰ ਬੰਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸੈਨਿਕਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਹੈ। ਕਿਸਾਨਾਂ ਨੇ ਇਸ ਮੌਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ, ਅਤੇ ਕੁੱਝ ਜਰੂਰੀ ਕੰਮਾਂ ਵਿੱਚ ਛੋਟ ਦੇਣ ਬਾਰੇ ਵੀ ਕਿਹਾ ਹੈ। ਇਸ ਸਮੇਂ ਦੌਰਾਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਇਸਦਾ ਵੀ ਧਿਆਨ ਰੱਖਿਆ ਜਾਵੇਗਾ, ਕਿਸਾਨਾਂ ਨੇ ਕਿਹਾ ਹੈ ਕੇ ਐਂਬੂਲੈਂਸ, ਵਿਆਹ ਵਾਲੀਆਂ ਗੱਡੀਆਂ ਅਤੇ ਕਿਸੇ ਵੀ ਮਰੀਜ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਜਰੂਰੀ ਕਾਰਜਾਂ ਵਿੱਚ ਆਮ ਲੋਕਾਂ ਨੂੰ ਛੋਟ ਦਿੱਤੀ ਗਈ ਹੈ।