Farmers Will Perform Parade: 26 ਜਨਵਰੀ ਨੂੰ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਫੌਜ ਦੇ ਹਥਿਆਰਾਂ ਦੀ ਝਾਂਕੀ ਦੇ ਤਰਜ਼ ‘ਤੇ ਕਿਸਾਨ ਜੱਥੇਬੰਦੀਆਂ ਖੇਤੀ ਸੰਦਾਂ ਨੂੰ ਸ਼ਾਮਿਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀਆਂ ਹਨ । ਵੀਰਵਾਰ ਦੇਰ ਰਾਤ ਟਿਕਰੀ ਸਰਹੱਦ ‘ਤੇ ਹੋਈ ਕਿਸਾਨ ਜੱਥੇਬੰਦੀਆਂ ਦੀ ਬੈਠਕ ਵਿੱਚ ਦਿੱਲੀ ਕੂਚ ਦੌਰਾਨ ਰਿੰਗ ਰੋਡ ‘ਤੇ ਹਲਾਂ ਦੇ ਨਾਲ-ਨਾਲ ਕਿਸਾਨਾਂ ਵੱਲੋਂ ਪੈਦਲ ਪਰੇਡ ਕੱਢਣ ਦਾ ਫੈਸਲਾ ਲਿਆ ਗਿਆ ਹੈ । ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਟਰੈਕਟਰ ਪਰੇਡ ਨੂੰ ਕੰਟਰੋਲ ਕਰਨ ਲਈ ਕਿਸਾਨ ਆਪਣੇ ਸਿਖਿਅਤ ਕਾਮਿਆਂ ਨੂੰ ਤਾਇਨਾਤ ਕਰਨਗੇ।
ਟਿਕਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ 1.5 ਸਾਲ ਲਈ ਮੁਲਤਵੀ ਕਰਨ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਗਿਆ । ਮੀਟਿੰਗ ਵਿੱਚ ਸ਼ਾਮਿਲ ਕਿਸਾਨ ਆਗੂਆਂ ਨੇ 26 ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਇਤਿਹਾਸਕ ਬਣਾਉਣ ਨੂੰ ਲੈ ਕੇ ਕਈ ਮਹੱਤਵਪੂਰਨ ਨੁਕਤਿਆਂ ‘ਤੇ ਵਿਚਾਰ ਵਟਾਂਦਰੇ ਕੀਤੇ।
ਫੌਜ ਆਪਣੇ ਹਥਿਆਰਾਂ ਨਾਲ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੁੰਦੀ ਹੈ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਕਿਸਾਨ ਵੀ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਦੇ ਨਾਲ ਹਲ ਅਤੇ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਸੰਦਾਂ ਨੂੰ ਲੈ ਕੇ ਪੈਦਲ ਪਰੇਡ ਕਰਨਗੇ। ਇਸ ਦੇ ਜ਼ਰੀਏ ਕੇਂਦਰ ਨੂੰ ਸੰਦੇਸ਼ ਦਿੱਤਾ ਜਾਵੇਗਾ ਕਿ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਔਜ਼ਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਇਸ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਲਿਆ ਹੈ। ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਕੁੱਝ ਹੋਰ ਮਹੱਤਵਪੂਰਨ ਨੁਕਤਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ, ਜਿਨ੍ਹਾਂ ਵੱਲ ਪੰਜਾਬ ਸਮੇਤ ਹੋਰ ਰਾਜਾਂ ਦੇ ਕਿਸਾਨ ਨੇਤਾਵਾਂ ਨਾਲ ਵੀ ਸੰਪਰਕ ਕੀਤਾ ਗਿਆ।
ਦੱਸ ਦੇਈਏ ਕਿ ਬੈਠਕ ਦੌਰਾਨ ਕਿਸਾਨ ਅੰਦੋਲਨ ਦੇ ਝੰਡੇ ‘ਤੇ ਵੀ ਕਿਸਾਨ ਆਗੂਆਂ ਦਾ ਵਿਸ਼ੇਸ਼ ਧਿਆਨ ਰਿਹਾ । ਕਿਸਾਨ ਆਗੂਆਂ ਨੇ ਫੈਸਲਾ ਲਿਆ ਕਿ ਅੰਦੋਲਨ ਵਿੱਚ ਸ਼ਾਮਿਲ ਹਰ ਕਿਸਾਨ ਕੋਲ 26 ਤਰੀਕ ਨੂੰ ਹੋਣ ਵਾਲੀ ਟਰੈਕਟਰ ਪਰੇਡ ਦੌਰਾਨ ਅੰਦੋਲਨ ਦਾ ਝੰਡਾ ਹੋਵੇਗਾ । ਇਸ ਨਾਲ ਕਿਸਾਨ ਅੰਦੋਲਨ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਏਕਤਾ ਨੂੰ ਬਲ ਮਿਲੇਗਾ । ਨਾਲ ਹੀ ਸਰਕਾਰ ਨੂੰ ਸਕਾਰਾਤਮਕ ਸੁਨੇਹਾ ਭੇਜਿਆ ਜਾਵੇਗਾ।