Former Gujarat CM Shankersinh Vaghela: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼ੰਕਰ ਸਿੰਘ ਵਾਘੇਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਪਿਛਲੇ ਦੋ ਤਿੰਨ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਹੋ ਰਿਹਾ ਸੀ । ਇਸ ਤੋਂ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ । ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹ ਹੋਮ ਕੁਆਰੰਟੀਨ ਵਿੱਚ ਹਨ। ਲੋੜ ਪੈਣ ‘ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਸਮਰਥਕਾਂ ਵਿੱਚ ‘ਬਾਪੂ’ ਦੇ ਨਾਂ ਨਾਲ ਮਸ਼ਹੂਰ ਵਾਘੇਲਾ 1996 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਸਨ।
ਉੱਥੇ ਹੀ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੰਕਰ ਸਿੰਘ ਵਾਘੇਲਾ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਫੋਨ ‘ਤੇ ਗੱਲਬਾਤ ਕੀਤੀ । ਪ੍ਰਧਾਨ ਮੰਤਰੀ ਨੇ ਸ਼ੰਕਰ ਸਿੰਘ ਵਾਘੇਲਾ ਦੀ ਸਿਹਤ ਬਾਰੇ ਸਾਰੀ ਜਾਣਕਾਰੀ ਫੋਨ ‘ਤੇ ਲਈ ।
ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਗੁਜਰਾਤ ਵਿੱਚ ਵੀ ਕੋਰੋਨਾ ਵਾਇਰਸ ਦੀ ਲਾਗ ਵੱਧ ਰਹੀ ਹੈ । ਗੁਜਰਾਤ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਦੀ ਇੱਕ ਟੀਮ ਸ਼ੁੱਕਰਵਾਰ ਨੂੰ ਅਹਿਮਦਾਬਾਦ ਪਹੁੰਚੀ । ਇਸ ਟੀਮ ਦੀ ਅਗਵਾਈ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕੀਤੀ ।