ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਕਲਿਆਣ ਸਿੰਘ ਦਾ ਸ਼ਨੀਵਾਰ ਰਾਤ ਲਖਨਊ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ । ਉਹ 89 ਸਾਲਾਂ ਦੇ ਸਨ ।
ਕਲਿਆਣ ਸਿੰਘ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਗੰਗਾ ਦੇ ਕੰਢੇ ਨਰੌਰਾ ਵਿੱਚ ਕੀਤਾ ਜਾਵੇਗਾ। ਕਲਿਆਣ ਸਿੰਘ ਦੀ ਮੌਤ ‘ਤੇ ਸੋਗ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਤਰ ਪ੍ਰਦੇਸ਼ ਵਿੱਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਰਾਜ ਵਿੱਚ 23 ਅਗਸਤ ਨੂੰ ਇੱਕ ਦਿਨ ਦੀ ਜਨਤਕ ਛੁੱਟੀ ਦਾ ਵੀ ਐਲਾਨ ਕੀਤਾ ਹੈ।
ਕਲਿਆਣ ਸਿੰਘ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਗ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਸਿੰਘ ਦੀ ਮੌਤ ‘ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਅਮੀਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਲਈ ਉਨ੍ਹਾਂ ਦੀਆਂ ਧੰਨਵਾਦੀ ਹੋਣਗੀਆਂ। ਉਨ੍ਹਾਂ ਨੇ ਕਲਿਆਣ ਸਿੰਘ ਦੇ ਪੁੱਤਰ ਰਾਜਵੀਰ ਸਿੰਘ ਨਾਲ ਗੱਲ ਕੀਤੀ ਅਤੇ ਦੁੱਖ ਪ੍ਰਗਟ ਕੀਤਾ।
ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਦੁੱਖ ਦੀ ਇਸ ਘੜੀ ਵਿੱਚ ਮੇਰੇ ਕੋਲ ਸ਼ਬਦ ਨਹੀਂ ਹਨ । ਕਲਿਆਣ ਸਿੰਘ ਜ਼ਮੀਨ ਨਾਲ ਜੁੜੇ ਵੱਡੇ ਰਾਜਨੇਤਾ ਤੇ ਕੁਸ਼ਲ ਪ੍ਰਸ਼ਾਸਕ ਹੋਣ ਦੇ ਨਾਲ-ਨਾਲ ਮਹਾਨ ਸ਼ਖਸੀਅਤ ਦੇ ਮਾਲਕ ਸਨ । ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ । ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ।”
ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਕਲਿਆਣ ਸਿੰਘ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੋਕਾਂ ਨਾਲ ਸ਼ਾਨਦਾਰ ਸੰਪਰਕ ਸੀ । ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰਵਾਦੀ ਅਤੇ ਵਿਲੱਖਣ ਨੇਤਾ ਦੱਸਿਆ।