Ghazipur border farmers protest : ਅੱਜ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ 64 ਵਾਂ ਦਿਨ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਵਲੋਂ ਤਿੰਨੋ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ MSP ਨੂੰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ‘ਚ ਕੁੱਝ ਜਗ੍ਹਾ ਹੋਏ ਹੰਗਾਮੇ ਦੇ ਬਾਅਦ ਹੁਣ ਦਿੱਲੀ ਪੁਲਿਸ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਪੁਲਿਸ ਨੇ ਕਈ ਕਿਸਾਨ ਨੇਤਾਵਾਂ ਨੂੰ ਨੋਟਿਸ ਸੌਂਪੇ ਸਨ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਹਰਕਤ ਵਿੱਚ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ-ਪ੍ਰਸ਼ਾਸਨ ਨੂੰ ਧਰਨਾ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਯੂਪੀ ਦੇ ਕਈ ਸ਼ਹਿਰਾਂ ਵਿੱਚ ਪਿੱਛਲੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। 26 ਜਨਵਰੀ ਨੂੰ ਦਿੱਲੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਿਸਾਨ ਆਗੂ ਨਿਸ਼ਾਨੇ ‘ਤੇ ਹਨ ਅਤੇ ਕਈ ਕਿਸਾਨ ਆਗੂਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਆਦੇਸ਼ਾਂ ਮਗਰੋਂ ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ-ਪ੍ਰਸ਼ਾਸਨ ਨੂੰ ਧਰਨਿਆਂ ਨੂੰ ਖਤਮ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਯੂਪੀ ਗੇਟ ਵਿਖੇ ਧਰਨੇ ਵਾਲੀ ਥਾਂ ਖਾਲੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਅੱਜ ਰਾਤ ਤੱਕ ਯੂਪੀ ਬਾਰਡਰ ਖਾਲੀ ਕਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਮੈਜਿਸਟਰੇਟ ਅਜੇ ਸ਼ੰਕਰ ਪਾਂਡੇ ਸਮੇਤ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਰੋਧ ਸਥਾਨ ਖਾਲੀ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ।
ਉਸੇ ਸਮੇਂ, ਗਾਜੀਪੁਰ ਸਰਹੱਦ ‘ਤੇ ਹਲਚਲ ਤੇਜ਼ ਹੋ ਗਈ ਹੈ। ਐਥੇ ਪ੍ਰਸ਼ਾਸਨ ਨੇ ਕਿਸਾਨਾਂ ਦੇ ਟੈਂਟਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਮੰਚ ‘ਤੇ ਕਿਸਾਨਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਆਤਮ ਸਮਰਪਣ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਗਾਜ਼ੀਆਬਾਦ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਰਾਕੇਸ਼ ਟਿਕੈਤ ਨੂੰ ਧਰਨਾ ਨੂੰ ਖਤਮ ਕਰਨ ਲਈ ਸਮਝਾਇਆ ਸੀ।
ਇਹ ਵੀ ਦੇਖੋ : ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ ਸਰਕਾਰ, ਗੁਰਨਾਮ ਚੜੂਨੀ ਦਾ ਵੱਡਾ ਬਿਆਨ ਆਇਆ ਸਾਹਮਣੇ, ਸੁਣੋ Live