Government Again Invited Farmers: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ।
ਦਰਅਸਲ, ਕੇਂਦਰ ਸਰਕਾਰ ਵੱਲੋਂ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਆਪਣੀ ਸਹੂਲਤ ’ਤੇ ਤਰੀਕ ਅਤੇ ਸਮਾਂ ਦੇਣ ਲਈ ਕਿਹਾ। ਸਰਕਾਰ ਦੇ ਇਸ ਪੱਤਰ ਬਾਰੇ ਵਿਚਾਰ ਵਟਾਂਦਰੇ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਇੱਕ ਮੀਟਿੰਗ ਸੱਦੀ ਹੈ ਜਿਸ ਤੋਂ ਬਾਅਦ ਕੇਂਦਰ ਨੂੰ ਇਸ ਦਾ ਰਸਮੀ ਜਵਾਬ ਦਿੱਤਾ ਜਾ ਸਕਦਾ ਹੈ । ਦੱਸ ਦੇਈਏ ਕਿ 40 ਕਿਸਾਨ ਐਸੋਸੀਏਸ਼ਨਾਂ ਯੂਨਾਈਟਿਡ ਫਾਰਮਰਜ਼ ਫਰੰਟ ਦੇ ਬੈਨਰ ਹੇਠ ਤਕਰੀਬਨ ਇੱਕ ਮਹੀਨੇ ਤੋਂ ਦਿੱਲੀ ਦੇ ਤਿੰਨ ਬਾਰਡਰਾਂ ਅਰਥਾਤ ਸਿੰਘੂ,ਟਿਕਰੀ ਅਤੇ ਗਾਜੀਪੁਰ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੀਆਂ ਹਨ।
ਹਾਲਾਂਕਿ, ਇਸ ਮਾਮਲੇ ਵਿੱਚ ਕਿਸਾਨ ਜੱਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਚਿੱਠੀ ਵਿੱਚ ਕੁਝ ਵੀ ਨਵਾਂ ਨਹੀਂ ਹੈ, ਪਰ ਕਿਸਾਨਾਂ ਦੇ ਬਾਰੇ ਇੱਕ ਪ੍ਰਚਾਰ ਇਹ ਦਰਸਾਉਣ ਲਈ ਹੈ ਕਿ ਉਹ ਗੱਲਬਾਤ ਲਈ ਤਿਆਰ ਨਹੀਂ ਹਨ । ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਗੱਲਬਾਤ ਮੁੜ ਸ਼ੁਰੂ ਕਰਨ ਲਈ ਏਜੰਡੇ ਵਿੱਚ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਨੂੰ ਵੀ ਸ਼ਾਮਿਲ ਕਰਨ ਲਈ ਕਿਹਾ ਹੈ ।
ਦੱਸ ਦੇਈਏ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ 40 ਕਿਸਾਨ ਆਗੂਆਂ ਨੂੰ ਤਿੰਨ ਪੰਨਿਆਂ ਦੇ ਪੱਤਰ ਵਿੱਚ ਕਿਹਾ, ‘ਮੈਂ ਤੁਹਾਨੂੰ ਫਿਰ ਅਪੀਲ ਕਰਦਾ ਹਾਂ ਕਿ ਪ੍ਰਦਰਸ਼ਨ ਨੂੰ ਖਤਮ ਕਰਵਾਉਣ ਲਈ ਸਰਕਾਰ ਸਾਰੇ ਮੁੱਦਿਆਂ ਨੂੰ ਖੁੱਲੇ ਮਨ ਨਾਲ ਅਤੇ ਚੰਗੇ ਇਰਾਦਿਆਂ ਨਾਲ ਵਿਚਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ । ਕਿਰਪਾ ਕਰ ਕੇ ਗੱਲਬਾਤ ਦੇ ਅਗਲੇ ਦੌਰ ਲਈ ਸਮਾਂ ਤੇ ਤਰੀਕ ਦੱਸੋ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਦੇ ਆਖਰੀ ਪੰਜ ਦੌਰਾਂ ਦਾ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ।ਅਗਰਵਾਲ ਨੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੂੰ ਹੋਰ ਮੁੱਦਿਆਂ ਦਾ ਵੇਰਵਾ ਦੇਣ ਲਈ ਕਿਹਾ ਜਿਸ ਬਾਰੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ ।
ਇਹ ਵੀ ਦੇਖੋ: ਦੇਖ ਲਉ ਮੋਦੀ ਸਾਬ ਵਿਦੇਸ਼ਾਂ ਤੋਂ ਫੰਡਿੰਗ ਦੀ ਸੱਚਾਈ, ਕਿਸਾਨਾਂ ਦੇ ਧੀ ਪੁੱਤ ਭੇਜ ਰਹੇ ਨੇ ਜਾਂ ਆਈ ਐਸ ਆਈ