ਰਣਜੀਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਇਸ ਪਟੀਸ਼ਨ ਵਿੱਚ ਰਾਮ ਰਹੀਮ ਨੇ ਪੰਚਕੂਲਾ ਸੀਬੀਆਈ ਕੋਰਟ ਵੱਲੋਂ ਸੁਣਾਏ ਗਏ ਉਮਰ ਕੈਦ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਦੱਸ ਦੇਈਏ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪਟੀਸ਼ਨ ‘ਚ ਰਾਮ ਰਹੀਮ ਨੇ ਕਿਹਾ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਗਲਤ ਸਜ਼ਾ ਸੁਣਾਈ ਗਈ ਹੈ। ਇਸ ਲਈ ਉਸ ਦੀ ਸਜ਼ਾ ਮੁਆਫ਼ ਕੀਤੀ ਜਾਣੀ ਚਾਹੀਦੀ ਹੈ।
ਇੱਥੇ ਇੱਕ ਦਿਲਚਸਪ ਗੱਲ ਇਹ ਹੈ ਕਿ ਜਦੋ ਇਹ ‘ਰਣਜੀਤ ਸਿੰਘ ਕਤਲ ਕੇਸ’ ਮਾਮਲੇ ‘ਤੇ ਪੰਚਕੂਲਾ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਹੋ ਰਹੀ ਸੀ ਤਾਂ ਉਸ ਸਮੇਂ ਰਣਜੀਤ ਸਿੰਘ ਦੇ ਪੁੱਤਰ ਨੇ ਵੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਪਾਈ ਸੀ, ਜਿਸ ਵਿੱਚ ਉਨ੍ਹਾਂ ਨੇ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਅਪੀਲ ਕੀਤੀ ਸੀ, ਰਣਜੀਤ ਸਿੰਘ ਦੇ ਪੁੱਤਰ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਸੁਣਵਾਈ ਕਰ ਰਹੇ ਜੱਜ ਗੁਰਮੀਤ ਰਾਮ ਰਹੀਮ ਤੋਂ ਪ੍ਰਭਾਵਿਤ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ, ਉਸ ਤੋਂ ਬਾਅਦ ਫਿਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਅਤੇ ਮਾਮਲੇ ਦੀ ਸੁਣਵਾਈ ਕਰ ਰਹੇ ਸੀਬੀਆਈ ਦੇ ਜੱਜ ਤੋਂ ਇਸ ਪਟੀਸ਼ਨ ਸਬੰਧੀ ਜਵਾਬ ਮੰਗਿਆ ਸੀ ਅਤੇ ਪਟੀਸ਼ਨ ‘ਤੇ ਜਵਾਬ ਮਿਲਣ ਤੋਂ ਬਾਅਦ ਹਾਈਕੋਰਟ ਨੇ ਰਣਜੀਤ ਸਿੰਘ ਦੇ ਪੁੱਤਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਅੱਗੇ ਚੱਲ ਕੇ ਇਸ ਮਾਮਲੇ ਦੇ ਵਿੱਚ ਹੀ ਡੇਰਾ ਮੁਖੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਪਰ ਹੁਣ ਇੱਕ ਵਾਰ ਫਿਰ ਰਾਮ ਰਹੀਮ ਦੀ ਪਟੀਸ਼ਨ ਤੋਂ ਬਾਅਦ ‘ਰਣਜੀਤ ਸਿੰਘ ਕਤਲ ਕੇਸ’ ਚਰਚਾ ਦੇ ਵਿੱਚ ਆ ਗਿਆ ਹੈ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਅਦਾਲਤ ਇਸ ਪਟੀਸ਼ਨ ‘ਤੇ ਕੀ ਫੈਸਲਾ ਲੈਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: