ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਜਿਸ ਤੋਂ ਬਾਅਦ ਹੁਣ ਫਸਲਾਂ ਦੀ ਖਰੀਦ ਨੂੰ ਲੈ ਕੇ ਵੀ ਸਰਕਾਰ ਤੇ ਕਿਸਾਨ ਜਥੇਬੰਦੀਆਂ ਇੱਕ ਵਾਰ ਆਹਮੋ-ਸਾਹਮਣੇ ਹਨ।
ਦਰਅਸਲ, ਫਸਲ ਦੀ ਖਰੀਦ ਨੂੰ ਲੈ ਕੇ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ੍ਹ ਯਾਨੀ ਕਿ 2 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਨਹੀਂ ਹੋਈ ਤਾਂ ਇਨ੍ਹਾਂ ਦੇ ਘਰ ਦਾ ਕੁੱਤਾ ਵੀ ਬਾਹਰ ਨਹੀਂ ਨਿਕਲਣ ਦਿਆਂਗੇ।
ਗੌਰਤਲਬ ਹੈ ਕਿ ਮੌਸਮ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋਣ ਵਿੱਚ ਦੇਰੀ ਹੋਈ ਹੈ। ਖਰਾਬ ਮੌਸਮ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ-ਹਰਿਆਣਾ ਤੋਂ MSP ਦੇ ਆਧਾਰ ‘ਤੇ 11 ਅਕਤੂਬਰ ਤੋਂ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗੁਰਨਾਮ ਚੜੂਨੀ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਮੰਡੀਆਂ ਵਿੱਚ ਫਸਲਾਂ ਦਾ ਢੇਰ ਲੱਗਿਆ ਹੋਇਆ ਹੈ। ਬਾਰਿਸ਼ ਕਾਰਨ ਕਈ ਫਸਲਾਂ ਖਰਾਬ ਵੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ 1 ਅਕਤੂਬਰ ਤੋਂ ਫਸਲਾਂ ਦੀ ਖਰੀਦ ਸ਼ੁਰੂ ਕਰਨ ਬਾਰੇ ਕਿਹਾ ਗਿਆ ਸੀ, ਪਰ ਹੁਣ ਇਸ ਨੂੰ ਵਧਾ ਕੇ 11 ਅਕਤੂਬਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਅੰਦੋਲਨ ਵਿਚਾਲੇ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਵਿੱਚ ਦੇਰੀ ਕੀਤੀ ਜਾ ਰਹੀ ਹੈ ਤੇ ਅਲੱਗ-ਅਲੱਗ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸਾਡੀਆਂ ਫਸਲਾਂ ਖੇਤਾਂ ਵਿੱਚ ਹੋ ਖਰਾਬ ਹੋਣਗੀਆਂ ਤੇ ਮੰਡੀਆਂ ਵਿੱਚ ਵਿਕਰੀ ਵੀ ਨਹੀਂ ਹੋਵੇਗੀ।