Haryana Deputy Chief Minister Chautala : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 127 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਅੱਜ ਦੀ ਹਿਸਾਰ ਫੇਰੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੈਂਕੜੇ ਕਿਸਾਨ ਹਿਸਾਰ ਏਅਰਪੋਰਟ ਪਹੁੰਚ ਗਏ ਅਤੇ ਉਪ ਮੁੱਖ ਮੰਤਰੀ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਜਾਣਾ ਪਿਆ।
ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੀਟਿੰਗ ਕਰ ਫੈਸਲਾ ਕੀਤਾ ਹੈ ਕਿ ਉਹ ਦੁਸ਼ਯੰਤ ਚੌਟਾਲਾ ਦੇ ਘਰ ਦਾ ਘੇਰਾਓ ਕਰਕੇ ਉਨ੍ਹਾਂ ਦੇ ਪੁਤਲੇ ਫੂਕਣਗੇ। ਜ਼ਿਕਰਯੋਗ ਹੈ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣੇ ‘ਚ ਭਾਜਪਾ-ਜੇਜੇਪੀ ਗਠਬੰਧਨ ਸਰਕਾਰ ਦਾ ਬਾਈਕਾਟ ਅਤੇ ਕਿਤੇ ਵੀ ਉਨ੍ਹਾਂ ਦਾ ਕੋਈ ਸਮਾਗਮ ਨਾ ਹੋਣ ਦੇਣ ਦਾ ਐਲਾਨ ਕੀਤਾ ਹੋਇਆ ਹੈ। ਇਸੇ ਕਾਰਨ ਅੱਜ ਕਿਸਾਨ ਹਵਾਈ ਅੱਡੇ ‘ਤੇ ਡਿਪਟੀ ਸੀਐਮ ਦਾ ਵਿਰੋਧਕਰਨ ਲਈ ਪਹੁੰਚੇ ਸੀ। ਇਸ ਸਮੇਂ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਤੇ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਹਾਈਵੇ ‘ਤੇ ਕੁੱਝ ਦੇਰ ਲਈ ਜਾਮ ਵੀ ਲੱਗ ਗਿਆ।
ਇਸ ਤੋਂ ਪਹਿਲਾ ਵੀ ਕਿਸਾਨਾਂ ਨੇ ਕਿਹਾ ਸੀ ਕਿ ਜਦੋਂ ਤੱਕ ਦੁਸ਼ਯੰਤ ਚੌਟਾਲਾ ਕਿਸਾਨਾਂ ਦਾ ਸਮਰਥਨ ਨਹੀਂ ਕਰਦੇ, ਉਹ ਉਨ੍ਹਾਂ ਦਾ ਵਿਰੋਧ ਕਰਦੇ ਰਹਿਣਗੇ। ਕਿਸਾਨਾਂ ਨੇ ਕਿਹਾ ਸੀ ਕਿ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਆਗੂ ਉਨ੍ਹਾਂ ਦਾ ਸਾਥ ਨਹੀਂ ਦੇਵੇਗਾ ਉਸ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ ਸੀ।