ਯੂਪੀ ਦੇ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਏ ਕਿਸਾਨਾਂ ਦੇ ਮਹਾਂਇਕੱਠ ਤੋਂ ਬਾਅਦ ਅੱਜ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਦਰਅਸਲ, ਬੀਤੇ ਕੁਝ ਦਿਨ ਪਹਿਲਾਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਇਹ ਮਹਾਪੰਚਾਇਤ ਬੁਲਾਈ ਗਈ ਹੈ।
ਕਿਸਾਨਾਂ ਦੀ ਇਸ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਵੱਲੋਂ ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ ਤੇ ਧਾਰਾ 144 ਲਗਾਈ ਗਈ ਹੈ।
ਕਿਸਾਨਾਂ ਦੀ ਮਹਾਂਪੰਚਾਇਤ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਇੱਥੇ ਕਾਨੂੰਨ ਨੂੰ ਆਪਣੇ ਹੱਥਾਂ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਉਹ ਆਪਣੀ ਪਬਲਿਕ ਮੀਟਿੰਗ ਕਰਨਾ ਚਾਹੁੰਦੇ ਹਨ, ਤਾਂ ਉਸਨੂੰ ਸ਼ਾਂਤੀਪੂਰਨ ਢੰਗ ਨਾਲ ਕਰਨ।
ਦੱਸ ਦੇਈਏ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ SDM ‘ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਕਾਰਨ ਕਰਨਾਲ ਵਿੱਚ ਅੱਜ ਕਿਸਾਨਾਂ ਵੱਲੋਂ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।