Heavy rain alert Delhi-Mumbai: ਮਾਨਸੂਨ ਅਜੇ ਵੀ ਜ਼ੋਰਾਂ ‘ਤੇ ਹੈ ਅਤੇ ਇਸ ਹਫਤੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ (IMD) ਅਨੁਸਾਰ ਅਗਲੇ 3 ਦਿਨਾਂ ਵਿੱਚ ਮਹਾਂਰਾਸ਼ਟਰ ਅਤੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਵਿਭਾਗ ਨੇ ਇਸ ਸਬੰਧ ਵਿਚ ਅਲਰਟ ਜਾਰੀ ਕੀਤਾ ਹੈ । ਅਗਲੇ 24 ਘੰਟਿਆਂ ਦੌਰਾਨ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਸਿੱਕਮ, ਛੱਤੀਸਗੜ, ਅਸਾਮ, ਮੱਧ ਪ੍ਰਦੇਸ਼, ਤੇਲੰਗਾਨਾ, ਕਰਨਾਟਕ ਅਤੇ ਮੇਘਾਲਿਆ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਗੁਜਰਾਤ ਦੇ ਦੇਵਭੂਮੀ ਦੁਆਰਕਾ ਜ਼ਿਲ੍ਹੇ ਦੇ ਖੰਭਾਲੀਆ ਤਾਲੁਕਾ ਵਿੱਚ 487 ਮਿਲੀਮੀਟਰ ਬਾਰਿਸ਼ ਹੋਣ ਤੋਂ ਇੱਕ ਦਿਨ ਬਾਅਦ ਸੌਰਾਸ਼ਟਰ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਜਾਰੀ ਰਹੀ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ । ਇੱਥੇ ਕਈ ਇਲਾਕਿਆਂ ਐਨਡੀਆਰਐਫ ਨੂੰ ਤਾਇਨਾਤ ਕੀਤਾ ਗਿਆ ਹੈ। ਬਾਰਿਸ਼ ਕਾਰਨ ਇੱਥੋਂ ਦੇ ਜੂਨਾਗੜ ਵਿੱਚ ਇੱਕ 30 ਸਾਲ ਪੁਰਾਣਾ ਪੁਲ ਢਹਿ ਗਿਆ। ਹਾਲਾਂਕਿ ਇਸ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋਈ । ਅਗਲੇ ਕੁਝ ਦਿਨਾਂ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਫਦਰਜੰਗ ਆਬਜ਼ਰਵੇਟਰੀ ਵਿੱਚ 0.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਰਿਹਾ । ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਹੈ।
ਇਸ ਤੋਂ ਇਲਾਵਾ ਮਹਾਂਰਾਸ਼ਟਰ ਵਿੱਚ ਅੱਜ ਬਹੁਤ ਸਾਰੀਆਂ ਥਾਵਾਂ ਤੇ ਮੀਂਹ ਪੈ ਸਕਦਾ ਹੈ। ਹਾਲਾਂਕਿ ਮੁੰਬਈ ‘ਚ ਮੀਂਹ ਦੀ ਰਫਤਾਰ ਘੱਟ ਗਈ ਹੈ। ਪਰ ਆਈਐਮਡੀ ਨੇ ਇਸ ਖੇਤਰ ਵਿੱਚ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ । ਮੁੰਬਈ ਦੇ ਪੱਛਮੀ ਉਪਨਗਰ ਸਾਂਤਾਕਰੂਜ਼ ਮੌਸਮ ਕੇਂਦਰ ਨੇ ਪਿਛਲੇ 24 ਘੰਟਿਆਂ ਵਿੱਚ 116.1 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ । ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਵੀ ਮੌਸਮ ਬਦਲ ਗਿਆ ਹੈ ਅਤੇ ਸੋਮਵਾਰ ਨੂੰ ਕਈ ਇਲਾਕਿਆਂ ਵਿੱਚ ਬਾਰਿਸ਼ ਹੋਈ । ਰਾਜ ਦੇ ਪੂਰਬੀ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਬਾਰਿਸ਼ ਹੋਈ। ਉਸੇ ਸਮੇਂ, ਰਾਜ ਦੇ ਪੱਛਮੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਬੱਦਲ ਛਾਏ ਹੋਏ ਸਨ।