ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਵੱਲੋਂ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਲੈ ਕੇ ਦਿੱਤੀ ਚੁਣੌਤੀ ‘ਤੇ CBI ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਹੋਵੇਗੀ।
ਕੇਜਰੀਵਾਲ ਦੀ ਪਟੀਸ਼ਨ ‘ਤੇ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਦੀ ਬੈਂਚ ਨੇ ਸੁਣਵਾਈ ਕੀਤੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ FIR 2022 ‘ਚ ਹੀ ਦਰਜ ਕੀਤੀ ਗਈ ਸੀ। ਉਨ੍ਹਾਂ ਨੂੰ ਅਪ੍ਰੈਲ 2023 ਵਿਚ ਸੰਮਨ ਭੇਜਿਆ ਗਿਆ ਸੀ ਅਤੇ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਉਦੋਂ ਤੋਂ ਕੁਝ ਨਹੀਂ ਕੀਤਾ ਗਿਆ ਸੀ ਅਤੇ ਹੁਣ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਪੱਤਰ ਵਿੱਚ ਕੁਝ ਕਾਰਨ ਦੱਸੇ ਜਾਣ ਦੀ ਲੋੜ ਹੁੰਦੀ ਹੈ।
ਅਦਾਲਤ ਨੇ ਸਿੰਘਵੀ ਨੂੰ ਪੁੱਛਿਆ ਕਿ ਤੁਸੀਂ ਗ੍ਰਿਫਤਾਰੀ ਰੱਦ ਕਰਨ ਅਤੇ ਹਿਰਾਸਤ ਤੋਂ ਰਿਹਾਅ ਕਰਨ ਦੀ ਮੰਗ ਕਰ ਰਹੇ ਹੋ? ਜਦੋਂ ਸਿੰਘਵੀ ਨੇ ਹਾਂ ਵਿੱਚ ਜਵਾਬ ਦਿੱਤਾ ਤਾਂ ਅਦਾਲਤ ਨੇ ਪੁੱਛਿਆ, ਕੀ ਤੁਸੀਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ? ਸਿੰਘਵੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ, ਪਰ ਅਜਿਹਾ ਕਰਨ ਜਾ ਰਹੇ ਹਨ। ਅਦਾਲਤ ਨੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜੱਜ ਨੇ ਸ਼ਨੀਵਾਰ ਨੂੰ ਮਾਮਲੇ ਦੀ ਸੂਚੀ ਦੇਣ ਲਈ ਕਿਹਾ।
ਇਹ ਵੀ ਪੜ੍ਹੋ : CIA ਨੇ ਨ.ਸ਼ੀ.ਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈ.ਰੋਇ.ਨ ਸਣੇ ਫੜੇ 3 ਤ.ਸਕ.ਰ
ਦੱਸ ਦੇਈਏ ਕਿ CBI ਵੱਲੋਂ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਗ੍ਰਿਫਤਾਰੀ ਤੋਂ ਬਾਅਦ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ CBI ਰਿਮਾਂਡ ‘ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਮੁੜ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਅਪੀਲ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
ਕੇਜਰੀਵਾਲ ਨੇ ਵਿਸ਼ੇਸ਼ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ CBI ਰਿਮਾਂਡ ‘ਤੇ ਭੇਜਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ CBI ਨੇ ਗ੍ਰਿਫ਼ਤਾਰੀ ਲਈ ਝੂਠੇ ਆਧਾਰ ਬਣਾਏ। ਗ੍ਰਿਫਤਾਰੀ ਲਈ ਕੋਈ ਤਰਕ ਨਹੀਂ ਦਿੱਤਾ ਗਿਆ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸ ਦੀ ਗ੍ਰਿਫਤਾਰੀ ਕਥਿਤ ਤੌਰ ‘ਤੇ 4 ਜੂਨ ਤੋਂ ਪਹਿਲਾਂ CBI ਦੇ ਕਬਜ਼ੇ ‘ਚ ਮੌਜੂਦ ਸਮੱਗਰੀ ਦੇ ਆਧਾਰ ‘ਤੇ ਕੀਤੀ ਗਈ ਸੀ। ਪਹਿਲਾਂ ਤੋਂ ਉਪਲਬਧ ਸਮੱਗਰੀ ਦੇ ਆਧਾਰ ‘ਤੇ ਗ੍ਰਿਫਤਾਰੀ ਗੈਰ-ਕਾਨੂੰਨੀ ਹੈ, ਜਿਸ ਵਿੱਚ ਮੁੜ-ਮੁਲਾਂਕਣ ਸ਼ਾਮਲ ਹੈ, ਜਿਸ ਦੀ ਕਾਨੂੰਨ ਦੁਆਰਾ ਇਜਾਜ਼ਤ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: