ਜਨਵਰੀ ਦੇ ਆਖਰੀ ਹਫਤੇ ਵੀ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ । ਉੱਤਰੀ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਮੱਧ ਅਤੇ ਪੱਛਮੀ ਭਾਰਤ ਲਈ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ । ਅੱਜ ਤੋਂ ਦੇਸ਼ ਦੇ ਇਨ੍ਹਾਂ ਇਲਾਕਿਆਂ ਵਿੱਚ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ । ਇੱਥੇ ਨਾ ਸਿਰਫ਼ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਬਲਕਿ 2 ਤੋਂ 4 ਫਰਵਰੀ ਵਿਚਾਲੇ ਬਾਰਿਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 10-20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ । ਇਸ ਲਈ ਇਨ੍ਹਾਂ ਇਲਾਕਿਆਂ ਦਾ ਤਾਪਮਾਨ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ । ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ । ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ । ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ 29 ਅਤੇ 30 ਜਨਵਰੀ ਨੂੰ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: