IMD issues heavy rain alert: ਦੇਸ਼ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਹੋਈ ਭਾਰੀ ਬਾਰਿਸ਼ ਨੇ ਆਮ ਜਨਜੀਵਨ ‘ਤੇ ਬਹੁਤ ਪ੍ਰਭਾਵ ਪਾਇਆ ਹੈ। ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਡੁੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਸਮੇਤ ਉੱਤਰ-ਪੱਛਮੀ ਭਾਰਤ ਵਿੱਚ 20 ਅਗਸਤ ਤੱਕ ਹੋਰ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ, ਉੜੀਸਾ ਅਤੇ ਉਤਰਾਖੰਡ ਵਿੱਚ ਅੱਜ ਭਾਰੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਤੋਂ ਇਲਾਵਾ ਕਈ ਰਾਜਾਂ ਨੂੰ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਬਾਰੇ ਸਲਾਹ ਮਸ਼ਵਰੇ ਜਾਰੀ ਕੀਤੇ ਗਏ ਹਨ । ਇਸ ਦੇ ਅਨੁਸਾਰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਨਦੀਆਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਦਿੱਲੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਨਮੀ ਵਾਲੇ ਮੌਸਮ ਤੋਂ ਰਾਹਤ ਮਿਲੀ । ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮਹਾਂਨਗਰ ਵਿੱਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਮੌਨਸੂਨ ਇੱਕ ਵਾਰ ਫਿਰ ਉੱਤਰ ਵੱਲ ਮੁੜ ਗਿਆ ਹੈ ਅਤੇ ਅਗਲੇ ਤਿੰਨ ਦਿਨਾਂ ਤੱਕ ਰਾਸ਼ਟਰੀ ਰਾਜਧਾਨੀ ਦੇ ਨੇੜੇ ਰਹੇਗਾ । ਜਿਸ ਕਾਰਨ ਵੀਰਵਾਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਥੇ ਹੀ ਦੂਜੇ ਪਾਸੇ ਗੰਗਾ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਸੋਮਵਾਰ ਨੂੰ ਬਿਹਾਰ ਵਿੱਚ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇੱਥੇ ਆਏ ਹੜ੍ਹਾਂ ਨੇ 16 ਜ਼ਿਲ੍ਹਿਆਂ ਦੇ 81.56 ਲੱਖ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਰਾਜ ਵਿੱਚ ਹੜ੍ਹ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ। ਪਟਨਾ ਦੇ ਬਕਸਰ, ਮੁੰਗੇਰ, ਭਾਗਲਪੁਰ, ਕਾਹਲਗਾਓਂ ਅਤੇ ਦਿਘਾ ਘਾਟ ‘ਤੇ ਸੋਮਵਾਰ ਨੂੰ ਗੰਗਾ ਦੇ ਪਾਣੀ ਦਾ ਪੱਧਰ ਵਧਿਆ। ਪਟਨਾ ਦੇ ਗਾਂਧੀ ਘਾਟ ‘ਤੇ ਨਦੀ ਦਾ ਪਾਣੀ ਦਾ ਪੱਧਰ 48.62 ਮੀਟਰ ਤੱਕ ਪਹੁੰਚ ਗਿਆ ਹੈ, ਜੋ ਖਤਰੇ ਦੇ ਨਿਸ਼ਾਨ ਤੋਂ 2 ਸੈ.ਮੀ. ਉੱਪਰ ਦੱਸਿਆ ਗਿਆ।
ਦੱਸ ਦੇਈਏ ਕਿ ਛੱਤੀਸਗੜ੍ਹ ਵਿੱਚ ਵੀ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਹਨ। ਮੌਸਮ ਵਿਭਾਗ ਨੇ 20 ਅਗਸਤ ਤੱਕ ਸੁਕਮਾ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕਰਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ। ਸੁਕਮਾ ਵਿੱਚ ਸ਼ਬਰੀ ਅਤੇ ਮਲੇਗਰ ਕਾਫ਼ੀ ਨਦੀ ਉਫਾਨ ‘ਤੇ ਹਨ। ਨਦੀ ਪੁਲ ਦੇ ਉੱਪਰ ਵਹਿ ਰਹੀ ਹੈ, ਜਿਸ ਕਾਰਨ ਕਈਂ ਪਿੰਡਾਂ ਦੇ ਲੋਕਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਗਿਆ ਹੈ।