IMD issues heavy rainfall alert: ਉੱਤਰ ਭਾਰਤ ਸਮੇਤ ਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਮਾਨਸੂਨ ਆਪਣੇ ਸਿਖਰ ‘ਤੇ ਹੈ। ਭਾਰੀ ਬਾਰਿਸ਼ ਕਾਰਨ ਦਿੱਲੀ-ਐਨਸੀਆਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਆਏ ਹੜ੍ਹਾਂ ਦੇ ਤਬਾਹੀ ਨੇ ਲੋਕਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕੀਤਾ ਹੈ। ਦੱਸ ਦੇਈਏ ਕਿ ਆਸਾਮ ਅਤੇ ਬਿਹਾਰ ਵਿੱਚ ਹੜ੍ਹਾਂ ਦੇ ਫੈਲਣ ਨਾਲ ਤਕਰੀਬਨ 40 ਲੱਖ ਲੋਕ ਪ੍ਰਭਾਵਿਤ ਹਨ ਤੇ ਲੱਖਾਂ ਲੋਕ ਬੇਘਰ ਹੋ ਗਏ ਹਨ।
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਯਾਨੀ ਅੱਜ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰ ਪੱਛਮੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਨਮੀ ਵਾਲਾ ਮੌਸਮ ਜਾਰੀ ਰਿਹਾ, ਤਾਪਮਾਨ ਆਮ ਵਾਂਗ ਰਿਹਾ । ਚੰਡੀਗੜ੍ਹ ਵਿੱਚ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ । ਪੰਜਾਬ ਦੇ ਪਟਿਆਲਾ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 36.3 ਡਿਗਰੀ ਸੈਲਸੀਅਸ ਸੀ ।
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੱਛਮੀ ਬੰਗਾਲ, ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਗੁਜਰਾਤ, ਹਿਮਾਚਲ, ਉਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਛੱਤੀਸਗੜ, ਉੜੀਸਾ ਅਤੇ ਕੇਰਲ ਦੇ ਕਈ ਹਿੱਸਿਆਂ ਵਿੱਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।