Increased cold in northern India: ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਠੰਡ ਵਧਣ ਲੱਗੀ ਹੈ । ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦੇ ਨਾਲ ਸ਼ੀਤ ਲਹਿਰ ਵੀ ਮਹਿਸੂਸ ਹੋਣ ਲੱਗ ਗਈ ਹੈ। ਐਤਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । 22 ਨਵੰਬਰ ਨੂੰ ਸਾਲ ਦਾ ਸਭ ਤੋਂ ਘੱਟ ਤਾਪਮਾਨ ਅਤੇ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਪੱਛਮੀ ਗੜਬੜ ਕਾਰਨ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ । ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵੱਲ ਵਧਣ ਕਾਰਨ ਸੋਮਵਾਰ ਨੂੰ ਰਾਤ ਦੇ ਤਾਪਮਾਨ ਵਿਚ ਥੋੜ੍ਹਾ ਜਿਹਾ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਰਿਹਾ । ਇਸ ਦੇ ਨਾਲ ਹੀ, ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਹੇਠਾਂ ਰਿਹਾ ।
ਇਸ ਸਬੰਧੀ ਮੌਸਮ ਵਿਭਾਗ ਦੇ ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੋਮਵਾਰ ਤੋਂ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ । ਰਾਜਸਥਾਨ ਦੇ ਬਹੁਤੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਰਿਕਾਰਡ ਕੀਤਾ ਗਿਆ । ਰਾਜ ਦੇ ਪਹਾੜੀ ਇਲਾਕੇ ਮਾਊਂਟ ਆਬੂ ਵਿੱਚ ਰਾਤ ਦਾ ਤਾਪਮਾਨ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿੱਚ ਵੀ ਵੱਧ ਤੋਂ ਵੱਧ ਅਤੇ ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ । ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਦੋਵਾਂ ਰਾਜਾਂ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ । ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਡ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਰਾਜ ਵਿੱਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ । ਪਹਾੜਾਂ ਵਿੱਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਦੀ ਲਹਿਰ ਕਾਰਨ ਤਾਪਮਾਨ ਘੱਟ ਰਿਹਾ ਹੈ।