India records 4.03 lakh new cases: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਲਗਾਤਾਰ ਚੌਥੇ ਦਿਨ ਕੋਰੋਨਾ ਦੇ 4 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦਕਿ ਲਗਾਤਾਰ ਦੂਜੇ ਦਿਨ 4 ਹਜ਼ਾਰ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।
ਇੱਕ ਪਾਸੇ ਜਿੱਥੇ ਰਾਜਧਾਨੀ ਦਿੱਲੀ ਸਣੇ ਕਈ ਰਾਜਾਂ ਵਿੱਚ ਕੋਰੋਨਾ ਸੰਕ੍ਰਮਣ ਦੇ ਅੰਕੜਿਆਂ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਪਰ ਮਰਨ ਵਾਲਿਆਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕੇਰਲਾ ਤੇ ਕਰਨਾਟਕ ਸਣੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਦਰਅਸਲ, ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4,03,738 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਦੀ ਚਪੇਟ ਵਿੱਚ ਆਉਣ ਕਾਰਨ 4,092 ਮਰੀਜ਼ਾਂ ਦੀ ਮੌਤ ਹੋ ਗਈ ਹੈ । ਦੇਸ਼ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਵਿਚਾਲੇ ਮਰੀਜ਼ਾਂ ਦੀ ਰਿਕਵਰੀ ਦਰ ਵੀ ਘੱਟ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕਰੀਬ 37 ਲੱਖ ਦੇ ਕਰੀਬ ਸਰਗਰਮ ਮਾਮਲੇ ਹਨ।
ਦੇਸ਼ ਵਿੱਚ ਮਹਾਰਾਸ਼ਟਰ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਹੈ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਵਿੱਚ ਕੋਰੋਨਾ ਦੇ 53 ਹਜ਼ਾਰ 605 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 864 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ । ਦੂਜੇ ਪਾਸੇ ਰਾਜਧਾਨੀ ਮੁੰਬਈ ਵਿੱਚ ਕੋਰੋਨਾ ਮਾਮਲਿਆਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । ਇੱਥੇ ਇੱਕ ਦਿਨ ਵਿੱਚ ਕੋਰੋਨਾ ਦੇ 2678 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 3600 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
ਉੱਥੇ ਹੀ ਦੂਜੇ ਪਾਸੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਲਾਗ ਦੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ । ਸ਼ਨੀਵਾਰ ਨੂੰ ਦਿੱਲੀ ਵਿੱਚ ਦਿੱਲੀ ਵਿੱਚ ਕੋਰੋਨਾ ਦੇ 17,364 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 332 ਮਰੀਜ਼ਾਂ ਦੀ ਮੌਤ ਹੋਈ । ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ ਤਿੰਨ ਹਫ਼ਤਿਆਂ ਵਿੱਚ ਪਹਿਲੀ ਵਾਰ ਦਿੱਲੀ ਵਿੱਚ ਕੋਰੋਨਾ ਦੀ ਲਾਗ ਦੀ ਦਰ ਸਭ ਤੋਂ ਘੱਟ ਰਹੀ ਹੈ।