India records highest spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਬੁੱਧਵਾਰ ਨੂੰ 38 ਲੱਖ ਨੂੰ ਪਾਰ ਕਰ ਗਿਆ। ਇੱਕ ਦਿਨ ਵਿੱਚ ਭਾਰਤ ਵਿੱਚ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 83 ਹਜ਼ਾਰ 883 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਪਹਿਲਾਂ 29 ਅਗਸਤ ਨੂੰ ਸਭ ਤੋਂ ਵੱਧ 78 ਹਜ਼ਾਰ 479 ਮਰੀਜ਼ ਪਾਏ ਗਏ ਸਨ। ਬੁੱਧਵਾਰ ਨੂੰ 1043 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 38 ਲੱਖ 53 ਹਜ਼ਾਰ 407 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 15 ਹਜ਼ਾਰ 538 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 67 ਹਜ਼ਾਰ 376 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 29 ਲੱਖ 70 ਹਜ਼ਾਰ 493 ਵਿਅਕਤੀ ਠੀਕ ਹੋ ਚੁੱਕੇ ਹਨ। ਅਮਰੀਕਾ-ਬ੍ਰਾਜ਼ੀਲ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਭਾਰਤ ਨਾਲੋਂ ਹਰ ਰੋਜ਼ ਬਹੁਤ ਘੱਟ ਵਧ ਰਹੇ ਹਨ, ਪਰ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਅਮਰੀਕਾ-ਬ੍ਰਾਜ਼ੀਲ ਵਿੱਚ ਇੱਕ ਕਰੋੜ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ ਅਤੇ 3 ਲੱਖ 13 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ 40899 ਕੇਸ 1067 ਅਤੇ ਬ੍ਰਾਜ਼ੀਲ ਵਿੱਚ 48632 ਕੇਸਾਂ ਵਿੱਚ 1218 ਮੌਤਾਂ ਹੋਈਆਂ ਹਨ।
ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 8 ਲੱਖ ਨੂੰ ਪਾਰ ਕਰ ਗਿਆ ਹੈ। ਬੁੱਧਵਾਰ ਨੂੰ 17 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 8 ਲੱਖ 25 ਹਜ਼ਾਰ 739 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 25 ਹਜ਼ਾਰ 195 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72.5% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 2509 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,79,569 ਹੋ ਗਿਆ ਹੈ। ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,481 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 4 ਕਰੋੜ 55 ਲੱਖ 09 ਹਜ਼ਾਰ 380 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ 11 ਲੱਖ 72 ਹਜ਼ਾਰ 179 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।
ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.75% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 77% ਹੋ ਗਿਆ ਹੈ।