India reports 18522 new cases: ਨਵੀਂ ਦਿੱਲੀ: ਪਿਛਲੇ ਚਾਰ ਦਿਨਾਂ ਤੋਂ ਦੇਸ਼ ਵਿੱਚ 18 ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ । ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਪੰਜ ਲੱਖ ਤੋਂ ਵੀ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 5 ਲੱਖ 66 ਹਜ਼ਾਰ ਹੋ ਗਈ ਹੈ । ਇਸ ਵਿਚੋਂ 16893 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਲੱਖ 34 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 18 ਹਜ਼ਾਰ 522 ਨਵੇਂ ਕੇਸ ਸਾਹਮਣੇ ਆਏ ਹਨ ਅਤੇ 418 ਮੌਤਾਂ ਹੋਈਆਂ ਹਨ । ਫਿਲਹਾਲ ਦੇਸ਼ ਵਿੱਚ ਇਸ ਸਮੇਂ 2 ਲੱਖ 15 ਹਜ਼ਾਰ 125 ਮਾਮਲੇ ਸਰਗਰਮ ਹਨ।
ਦਰਅਸਲ, ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਵਿੱਚ 5,257 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 181 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 1,69,883 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7,610 ਹੋ ਗਈ ਹੈ । ਇਸਦੇ ਨਾਲ ਹੀ ਸੂਬੇ ਵਿੱਚ 88,960 ਲੋਕ ਇਸ ਵਾਇਰਸ ਤੋਂ ਠੀਕ ਹੋਏ ਹਨ।
ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਦਿੱਲੀ ਵਿੱਚ ਵਾਇਰਸ ਅਤੇ ਮੌਤਾਂ ਦੇ ਲਗਾਤਾਰ ਵੱਧਦੇ ਅੰਕੜਿਆਂ ਨਾਲ ਹੁਣ ਇਹ ਦੇਸ਼ ਵਿੱਚ ਦੂਜੇ ਨੰਬਰ ‘ਤੇ ਆ ਗਿਆ ਹੈ । ਦੇਸ਼ ਦੀ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 2,084 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 85,161 ਤੱਕ ਪਹੁੰਚ ਗਿਆ । ਇਸ ਦੇ ਨਾਲ ਹੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 57 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 2,680 ਹੋ ਗਈ ਹੈ ।