ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਜਿਸ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ । ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਵੀ ਠੰਡ ਵਿੱਚ ਵਾਧਾ ਹੋ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੀਤ ਲਹਿਰ ਅਤੇ ਧੁੰਦ ਦੀ ਚੇਤਾਵਨੀ ਦਿੱਤੀ ਹੈ। ਐਤਵਾਰ ਸਵੇਰ ਨੂੰ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੀ । ਅਗਲੇ 4 ਦਿਨਾਂ ਤੱਕ ਇਸ ਦੀਆਂ ਸਬ-ਡਵੀਜ਼ਨਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਹੇਠਲੇ ਪੱਧਰ ‘ਤੇ ਉੱਚ ਨਮੀ ਰਹੇਗੀ । ਇਸ ਦਾ ਅਸਰ ਮੌਸਮ ਵਿੱਚ ਦੇਖਣ ਨੂੰ ਮਿਲੇਗਾ।
ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ, ਅਸਾਮ ਅਤੇ ਤ੍ਰਿਪੁਰਾ ਵਿੱਚ ਹੋਰ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ 25 ਅਤੇ 26 ਦਸੰਬਰ ਨੂੰ ਦਿਨ ਅਤੇ ਰਾਤ ਦੇ ਸਮੇਂ ਧੁੰਦ ਵਿੱਚ ਕਮੀ ਆਵੇਗੀ। ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਅਗਲੇ 3 ਦਿਨਾਂ ਦੌਰਾਨ ਸੀਤ ਲਹਿਰ ਦੀ ਸਥਿਤੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਬਹੁਤ ਜ਼ਿਆਦਾ ਠੰਡੇ ਦਿਨ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ
ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਅਗਲੇ 2 ਦਿਨਾਂ ਦੌਰਾਨ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਹੋ ਸਕਦੀ ਹੈ। ਇਸ ਤੋਂ ਬਾਅਦ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ । ਅਗਲੇ 2 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: