ਦਿੱਲੀ-NCR ਵਿੱਚ ਕੜਾਕੇ ਦੀ ਠੰਡ ਤੋਂ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਬਾਰਿਸ਼ ਦੇ ਬਾਵਜੂਦ ਤਾਪਮਾਨ ਵਿੱਚ ਗਿਰਾਵਟ ਨਹੀਂ ਆਵੇਗੀ। ਇਸਦੇ ਨਾਲ ਹੀ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੇ ਵਾਧੇ ਦਾ ਅਨੁਮਾਨ ਜਤਾਇਆ ਗਿਆ ਹੈ। ਸੀਤ ਲਹਿਰ ਤੇ ਕੜਾਕੇ ਦੀ ਠੰਡ ਤੋਂ ਰਾਹਤ ਦੀ ਸ਼ੁਰੂਆਤ ਵੀਰਵਾਰ ਤੋਂ ਹੀ ਚੁੱਕੀ ਹੈ। ਵੀਰਵਾਰ ਨੂੰ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਦਰਜ ਕੀਤਾ ਗਿਆ ਸੀ।
ਦਰਅਸਲ, ਦਿੱਲੀ ਸਣੇ ਉੱਤਰ ਭਾਰਤ ਦੇ ਵਧੇਰੇ ਹਿੱਸਿਆਂ ਵਿੱਚ ਵੀਰਵਾਰ ਨੂੰ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਤੇ ਅਗਲੇ ਪੰਜ ਦਿਨ ਕੜਾਕੇ ਦੀ ਠੰਡ ਪੈਣ ਦਾ ਅਨੁਮਾਨ ਨਹੀਂ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਦੱਖਣੀ ਹਰਿਆਣਾ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼ ਦੇ ਉੱਤਰੀ ਹਿੱਸੇ ਤੇ ਬਿਹਾਰ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਬਣਿਆ ਰਿਹਾ।
ਇਹ ਵੀ ਪੜ੍ਹੋ: ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਸਾਲ 2020 ‘ਚ ਖਰਾਬ ਹੋਈਆਂ ਫਸਲਾਂ ਦਾ ਦੇਵਾਂਗੇ ਮੁਆਵਜ਼ਾ’
IMD ਨੇ ਇੱਕ ਬਿਆਨ ਵਿੱਚ ਕਿਹਾ ਕਿ 15 ਜਨਵਰੀ ਤੋਂ 18 ਜਨਵਰੀ ਤੱਕ ਰਾਜਸਥਾਨ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਭਿਆਨਕ ਸੀਤ ਲਹਿਰ ਦੀ ਸਥਿਤੀ ਰਹੀ। 19 ਜਨਵਰੀ ਤੋਂ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਨ੍ਹਾਂ ਖੇਤਰਾਂ ਦੇ ਜ਼ਿਆਦਤਰ ਹਿੱਸਿਆਂ ਵਿੱਚ ਸੀਤ ਲਹਿਰ ਰੁਕ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਭਾਰਤ ਵਿੱਚ ਸੀਤ ਲਹਿਰ ਦੀ ਕੋਈ ਸਥਿਤੀ ਨਹੀਂ ਹੈ।
ਮੌਸਮ ਵਿਭਾਗ ਨੇ ਬਿਆਨ ਵਿੱਚ ਕਿਹਾ ਕਿ ਇੱਕ ਹੋਰ ਪੱਛਮੀ ਗੜਬੜੀ 20 ਜਨਵਰੀ ਦੀ ਰਾਤ ਤੋਂ 26 ਜਨਵਰੀ ਤੱਕ ਪੱਛਮੀ ਹਿਮਾਲਿਆਈ ਖੇਤਰ ਅਤੇ 23 ਜਨਵਰੀ ਤੋਂ 25 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਵਿਭਾਗ ਨੇ ਕਿਹਾ ਕਿ ਇਸਦੇ ਪ੍ਰਭਾਵ ਨਾਲ 20 ਤੋਂ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਥੇ ਹੀ 23 ਤੋਂ 26 ਜਨਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: