Khap panchayat decides: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋ ਰਿਹਾ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਵਿਚਾਲੇ ਹਰਿਆਣਾ ਦੀ ਖਾਪ ਪੰਚਾਇਤ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਵਿੱਚ ਖਾਪ ਪੰਚਾਇਤ ਨੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਵਿਰੋਧ ਦਰਜ ਕਰਵਾਉਣ ਲਈ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਲਿਆ ਹੈ।
ਦਰਅਸਲ, ਖਾਪ ਪੰਚਾਇਤਾਂ ਨੇ ਫੈਸਲਾ ਲਿਆ ਹੈ ਕਿ 1 ਮਾਰਚ ਤੋਂ ਦੁੱਧ 100 ਰੁਪਏ ਪ੍ਰਤੀ ਲੀਟਰ ਵੇਚਿਆ ਜਾਵੇਗਾ। ਇਸ ਸਬੰਧੀ ਖਾਪ ਪੰਚਾਇਤ ਦੇ ਬੁਲਾਰੇ ਨੇ ਦੱਸਿਆ ਕਿ ਅਸੀਂ ਫੈਸਲਾ ਲਿਆ ਹੈ ਕਿ ਦੁੱਧ 100 ਰੁਪਏ ਪ੍ਰਤੀ ਲੀਟਰ ਵੇਚਿਆ ਜਾਵੇਗਾ। ਅਸੀਂ ਸਾਰੇ ਡੇਅਰੀ ਕਿਸਾਨਾਂ ਤੋਂ ਮੰਗ ਕਰ ਰਹੇ ਹਾਂ ਕਿ ਉਹ ਸਰਕਾਰੀ ਸਹਿਕਾਰੀ ਕਮੇਟੀ ਨੂੰ ਇਸੇ ਕੀਮਤ ‘ਤੇ ਦੁੱਧ ਵੇਚਣ। ਦੱਸ ਦੇਈਏ ਕਿ ਪਿਛਲੇ ਸਾਲ ਆਏ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਿਸਾਨ ਅੰਦੋਲਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਵੱਧ ਰਹੀਆਂ ਪੈਟਰੋਲ ਦੀਆਂ ਕੀਮਤਾਂ ‘ਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਸੀ ਕਿ ਤੇਲ ਉਤਪਾਦਕ ਦੇਸ਼ਾਂ ਤੋਂ ਵਧੇਰੇ ਮੁਨਾਫਾ ਕਮਾਉਣ ਲਈ ਘੱਟ ਉਤਪਾਦਨ ਕੀਤਾ ਜਾ ਰਿਹਾ ਹੈ । ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਪਿੱਛੇ ਇਹ ਸਭ ਤੋਂ ਵੱਡਾ ਕਾਰਨ ਹੈ।