Kisan andolan live update: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ । ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਅਗਲੇ ਕਦਮ ਲਈ ਮੰਗਲਵਾਰ ਯਾਨੀ ਕਿ ਅੱਜ ਬੈਠਕ ਕੀਤੀ ਜਾਵੇਗੀ। ਕਿਸਾਨਾਂ ਦੀ ਇਹ ਬੈਠਕ ਕੁੱਝ ਸਮੇ ਤੱਕ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਅੱਗੇ ਦੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ, ਅਤੇ ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾ ਨਹੀਂ ਇਸ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ 11 ਮੈਂਬਰਾਂ ਦਾ ਸਮੂਹ ਬਦਲਵੇਂ ਤੌਰ ‘ਤੇ 24 ਘੰਟੇ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਪੰਜ ਰਾਊਂਡ ਦੀ ਬੈਠਕ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦੇ ਅਗਲੇ ਦੌਰ ਦੀ ਤਰੀਕ ਤੈਅ ਕਰਨ ਲਈ ਕਿਹਾ ਹੈ। ਸਰਕਾਰ 40 ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹੈ।