Kisan andolan supreme court hearing : ਅੱਜ ਸੁਪਰੀਮ ਕੋਰਟ ਵਿੱਚ ਬੀਤੇ 47 ਦਿਨਾਂ ਤੋਂ ਚੱਲ ਰਹੇ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਅਤੇ ਦਿੱਲੀ ਦੀਆ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਬਾਰੇ ਸੁਣਵਾਈ ਕੀਤੀ ਜਾ ਰਹੀ ਹੈ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਵੀ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਜਿਸ ਤਰੀਕੇ ਨਾਲ ਮਾਮਲੇ ਨੂੰ ਸੰਭਾਲ ਰਹੀ ਹੈ ਉਸ ਤੋਂ ਅਸੀਂ ਖੁਸ਼ ਨਹੀਂ ਹਾਂ। ਸਾਨੂੰ ਨਹੀਂ ਪਤਾ ਕਿ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਤੁਸੀਂ ਕੀ ਕੀਤਾ ਸੀ। ਪਿੱਛਲੀ ਸੁਣਵਾਈ ਦੌਰਾਨ ਵੀ ਗੱਲਬਾਤ ਬਾਰੇ ਕਿਹਾ ਗਿਆ ਸੀ, ਕੀ ਹੋ ਰਿਹਾ ਹੈ? ਇਸ ਮੌਕੇ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ‘ਤੇ ਰੋਕ ਲਗਾਉਣ ਤੋਂ ਇੱਕ ਵਾਰ ਫਿਰ ਇਨਕਾਰ ਕਰ ਦਿੱਤਾ ਹੈ।
ਸੁਣਵਾਈ ਦੌਰਾਨ ਕੋਰਟ ਨੇ ਕਿਹਾ, ਅਸੀਂ ਮਾਹਿਰ ਕਮੇਟੀ ਬਣਾਉਣਾ ਚਾਹੁੰਦੇ ਹਾਂ, ਤਦ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਕਾਰਵਾਈ ਕਰਾਂਗੇ। ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਕਾਨੂੰਨ ਵਾਪਿਸ ਲੈਣ ਦੀ ਗੱਲ ਨਹੀਂ ਕਰ ਰਹੇ, ਅਸੀਂ ਪੁੱਛ ਰਹੇ ਹਾਂ ਕਿ ਤੁਸੀਂ ਇਸ ਨੂੰ ਕਿਵੇਂ ਸੰਭਾਲ ਰਹੇ ਹੋ। ਅਸੀਂ ਇਹ ਸੁਣਨਾ ਨਹੀਂ ਚਾਹੁੰਦੇ ਕਿ ਇਹ ਮਾਮਲਾ ਅਦਾਲਤ ਵਿੱਚ ਸੁਲਝਾਇਆ ਗਿਆ ਹੈ ਜਾਂ ਨਹੀਂ। ਅਸੀਂ ਸਾਰੇ ਚਾਹੁੰਦੇ ਹਾਂ ਕਿ ਕੀ ਤੁਸੀਂ ਇਸ ਮਾਮਲੇ ਨੂੰ ਗੱਲਬਾਤ ਦੁਆਰਾ ਹੱਲ ਕਰ ਸਕਦੇ ਹੋ। ਜੇ ਤੁਸੀਂ ਚਾਹੁੰਦੇ ਤਾਂ ਤੁਸੀਂ ਕਹਿ ਸਕਦੇ ਸੀ ਕਿ ਤੁਸੀਂ ਇਸ ਕਾਨੂੰਨ ਨੂੰ ਉਦੋਂ ਤਕ ਲਾਗੂ ਨਹੀਂ ਕਰੋਗੇ ਜਦੋਂ ਤਕ ਮਸਲਾ ਹੱਲ ਨਹੀਂ ਹੁੰਦਾ। ਅਦਾਲਤ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਤੁਸੀਂ ਸਮੱਸਿਆ ਦਾ ਹਿੱਸਾ ਹੋ ਜਾਂ ਹੱਲ ਦਾ ਹਿੱਸਾ ਹੋ।
ਚੀਫ਼ ਜਸਟਿਸ ਨੇ ਕਿਹਾ ਕਿ ਸਾਡੇ ਕੋਲ ਇੱਕ ਵੀ ਦਲੀਲ ਨਹੀਂ ਆਈ ਜਿਸ ਵਿੱਚ ਇਸ ਕਾਨੂੰਨ ਦੀ ਪ੍ਰਸ਼ੰਸਾ ਕੀਤੀ ਗਈ ਹੋਵੇ। ਅਦਾਲਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਮਾਮਲੇ ਵਿੱਚ ਮਾਹਿਰ ਨਹੀਂ ਹਾਂ, ਪਰ ਕੀ ਤੁਸੀਂ ਇਨ੍ਹਾਂ ਕਾਨੂੰਨਾਂ ਨੂੰ ਰੋਕੋਗੇ ਜਾਂ ਸਾਨੂੰ ਕਦਮ ਚੁੱਕਣੇ ਚਾਹੀਦੇ ਹਨ। ਹਾਲਾਤ ਲਗਾਤਾਰ ਬਦਤਰ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ ਅਤੇ ਠੰਡ ਵਿੱਚ ਬੈਠੇ ਹਨ। ਫਿਲਹਾਲ ਕੋਰਟ ਵਿੱਚ ਅੱਜ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ, ਸੁਪਰੀਮ ਕੋਰਟ ਨੇ ਕਮੇਟੀ ਬਣਾਉਣ ਲਈ ਵੀ ਸੰਕੇਤ ਦਿੱਤਾ ਹੈ। ਸੁਪਰੀਮ ਕੋਰਟ ਨੇ ਹੁਣ ਸਰਕਾਰ ਅਤੇ ਜਥੇਬੰਦੀਆਂ ਨੂੰ ਕੁੱਝ ਨਾਮ ਦੇਣ ਲਈ ਕਿਹਾ ਹੈ। ਤਾਂ ਜੋ ਉਨ੍ਹਾਂ ਨੂੰ ਕਮੇਟੀ ਵਿੱਚ ਸ਼ਾਮਿਲ ਕੀਤਾ ਜਾ ਸਕੇ। ਕੋਰਟ ਨੇ ਕਿਹਾ ਲੋਕਾਂ ਦੀ ਹਿੱਤ ਸਾਡੇ ਲਈ ਜ਼ਰੂਰੀ ਹਨ, ਹੁਣ ਕਮੇਟੀ ਦੱਸੇਗੀ ਕਿ ਕਾਨੂੰਨ ਲੋਕਾਂ ਦੇ ਹਿੱਤ ਵਿੱਚ ਹਨ ਜਾਂ ਨਹੀਂ। ਹੁਣ ਇਸ ਮਾਮਲੇ ‘ਤੇ ਕੱਲ੍ਹ ਫਿਰ ਸੁਣਵਾਈ ਹੋਵੇਗੀ, ਕਮੇਟੀ ‘ਤੇ ਕੱਲ੍ਹ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਦੇਖੋ : ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ, ਜਲਦੀ ਹੱਲ ਕਰੋ ਜਾ ਅਸੀਂ ਰੋਕ ਲਾ ਦਿਆਂਗੇ