ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਵਾਪਰੀ ਘਟਨਾ ਤੋਂ ਕਰੀਬ ਡੇਢ ਮਹੀਨੇ ਬਾਅਦ ਐਸਪੀ ਵਿਜੇ ਢੁਲ ਨੂੰ ਹਟਾ ਦਿੱਤਾ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਹੁਣ ਸੰਜੀਵ ਸੁਮਨ ਨਵੇਂ ਐਸਪੀ ਹੋਣਗੇ। ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਲਖੀਮਪੁਰ ਦੇ ਡੀਐਮ ਅਰਵਿੰਦ ਚੌਰਸੀਆ ਨੂੰ ਹਟਾ ਦਿੱਤਾ ਗਿਆ ਸੀ।
ਉਨ੍ਹਾਂ ਦੀ ਥਾਂ ਮਹਿੰਦਰ ਬਹਾਦਰ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦਾ ਇੱਕ ਸਮੂਹ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਿਹਾ ਸੀ, ਓਸੇ ਸਮੇਂ ਇੱਕ ਐਸਯੂਵੀ (ਕਾਰ) ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਸਮੇਤ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਇਸ ਘਟਨਾ ਦੇ ਵਿੱਚ 4 ਕਿਸਾਨਾਂ ਅਤੇ 1 ਪੱਤਰਕਾਰ ਸਣੇ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ।
ਕਿਸਾਨ ਨਵੇਂ ਖੇਤੀ ਕਾਨੂੰਨ ‘ਖੇਤੀਬਾੜੀ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ਸਮਝੌਤਾ ਐਕਟ, 2020’, ‘ਖੇਤੀ ਉਤਪਾਦਨ ਵਪਾਰ ਅਤੇ ਵਣਜ (ਪ੍ਰਮੋਸ਼ਨ ਅਤੇ ਸਹੂਲਤ) ਐਕਟ, 2020’ ਅਤੇ ‘ਜ਼ਰੂਰੀ ਵਸਤੂਆਂ (ਸੋਧ) ਐਕਟ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਨਵਰੀ ‘ਚ ਸੁਪਰੀਮ ਕੋਰਟ ਨੇ ਵੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: