Lockdown in these districts: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਨਾਂਦੇੜ ਤੇ ਬੀਡ ਵਿੱਚ ਇੱਕ ਹਫ਼ਤੇ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਨਾਂਦੇੜ ਵਿੱਚ ਇਹ ਲਾਕਡਾਊਨ ਅੱਜ ਰਾਤ 12 ਵਜੇ ਤੇ ਬੀਡ ਵਿੱਚ ਕੱਲ੍ਹ ਰਾਤ 12 ਵਜੇ ਤੋਂ ਸ਼ੁਰੂ ਹੋ ਕੇ 4 ਅਪ੍ਰੈਲ ਤੱਕ ਲਾਗੂ ਰਹੇਗਾ। ਇਸ ਦੌਰਾਨ ਜਰੂਰੀ ਸਰਵਿਸ ਵੀ ਜਾਰੀ ਰਹੇਗੀ। ਨਾਲ ਹੀ ਦੁੱਧ, ਸਬਜ਼ੀਆਂ ਤੇ ਫਲਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਤੱਕ ਖੁੱਲ੍ਹੀਆਂ ਰਹਿਣਗੀਆਂ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਦਰਜ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਰਾਜ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਦੇ ਨਾਲ ਲਾਕਡਾਊਨ ਦੀ ਚੇਤਾਵਨੀ ਜਾਰੀ ਕੀਤੀ ਜਾ ਰਹੀ ਸੀ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਕਾਰਨ 275 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ 132 ਇਕੱਲੇ ਮਹਾਰਾਸ਼ਟਰ ਦੇ ਹਨ । ਜੇ ਅਸੀਂ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ 53,589 ਲੋਕ ਗਵਾ ਚੁੱਕੇ ਹਨ, ਜਦੋਂਕਿ ਪੂਰੇ ਦੇਸ਼ ਵਿੱਚ ਮਰਨ ਵਾਲਿਆਂ ਦੀ ਕੁੱਲ ਸੰਖਿਆ 1,60,441 ਹੈ।
ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਰਾਜਾਂ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ, ਜਿਸ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਸਰਕਾਰ ਨੇ ਰਾਜਾਂ ਨੂੰ ਆਗਾਮੀ ਤਿਉਹਾਰਾਂ ਪ੍ਰਤੀ ਸੁਚੇਤ ਰਹਿਣ ਲਈ ਕਿਹਾ ਹੈ। ਸਰਕਾਰ ਨੇ ਰਾਜਾਂ ਨੂੰ ਕਿਹਾ ਕਿ ਆਉਣ ਵਾਲੇ ਤਿਉਹਾਰਾਂ ਵਿੱਚ ਭੀੜ ਨਹੀਂ ਹੋਣੀ ਚਾਹੀਦੀ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।