Madhya Pradesh cops arrest: ਮੱਧ ਪ੍ਰਦੇਸ਼ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਦੇਵਾਸ ਦੇ ਇੱਕ ਘਰ ਵਿੱਚ ਪਾਕਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮਕਾਨ ਮਾਲਕ ਨੂੰ ਗ੍ਰਿਫਤਾਰ ਕਰ ਲਿਆ । ਇਸ ਮਾਮਲੇ ਵਿੱਚ ਮਕਾਨ ਮਾਲਕ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਦੇਵਾਸ ਦੇ ਨੇੜੇ ਸ਼ਿਪ੍ਰਾ ਵਿੱਚ ਇੱਕ ਮਕਾਨ ਦੀ ਛੱਤ ‘ਤੇ ਪਾਕਿਸਤਾਨ ਦਾ ਝੰਡਾ ਲਹਿਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ । ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ। ਜਿਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮਾਮਲਾ ਪੁਲਿਸ ਤੇ ਪ੍ਰਸਾਸ਼ਨ ਮੌਕੇ ‘ਤੇ ਪਹੁੰਚੇ ।
ਮਕਾਨ ਦੀ ਛੱਤ ‘ਤੇ ਪਾਕਿਸਤਾਨ ਦਾ ਝੰਡਾ ਲਹਿਰਾਉਣ ਦਾ ਮਾਮਲਾ ਜਿਵੇਂ ਹੀ ਸਾਹਮਣੇ ਆਇਆ, ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ । ਇਸ ਸਬੰਧੀ ਜਾਣਕਾਰੀ ਮਿਲਦਿਆਂ ਰਾਜਸਵ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮੌਕੇ ਦਾ ਪੰਚਨਾਮਾ ਬਣਾਇਆ । ਇਸ ਤੋਂ ਬਾਅਦ ਉਦਯੋਗਿਕ ਖੇਤਰ ਪੁਲਿਸ ਥਾਣੇ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਮਕਾਨ ਮਾਲਿਕ ਖਿਲਾਫ ਕੇਸ ਦਰਜ ਕਰ ਲਿਆ।
ਦੱਸ ਦੇਈਏ ਕਿ ਦੋਸ਼ੀ ਮਕਾਨ ਮਾਲਿਕ ਦਾ ਨਾਮ ਫਾਰੁਖ ਖਾਂ ਹੈ। ਦੋਸ਼ੀ ਖਿਲਾਫ ਪੁਲਿਸ ਨੇ ਕਾਰਵਾਈ ਕਰਦਿਆਂ ਧਾਰਾ 153A ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਲੋਕ ਸ਼ਾਂਤੀ ਵਿੱਚ ਅੜਿੱਕਾ ਪਾਉਣ ਜਾਂ ਅਜਿਹੀ ਸੰਭਾਵਨਾ ਹੋਣ ਨੂੰ ਲੈ ਕੇ ਪੁਲਿਸ ਵੱਲੋਂ ਝੰਡਾ ਵੀ ਜ਼ਬਤ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੰਡਾ ਦੋਸ਼ੀ ਫਾਰੁਖ ਖਾਂ ਦੇ ਬੇਟੇ ਨੇ ਲਗਾਇਆ ਸੀ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।