Maharashtra farmers plan vehicle march: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 24ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਮਹਾਂਰਾਸ਼ਟਰ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਅਤੇ ਸਮਰਥਨ ਲਈ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਹਨ । 21 ਦਸੰਬਰ ਨੂੰ ਮਹਾਂਰਾਸ਼ਟਰ ਦੇ 20 ਜ਼ਿਲ੍ਹਿਆਂ ਦੇ ਹਜ਼ਾਰਾਂ ਕਿਸਾਨ ਨਾਸਿਕ ਤੋਂ ਦਿੱਲੀ ਕੂਚ ਕਰਨਗੇ। ਇਹ ਐਲਾਨ ਸ਼ੁੱਕਰਵਾਰ ਨੂੰ ਨਾਸਿਕ ਵਿੱਚ ਆਯੋਜਿਤ ਆਲ ਇੰਡੀਆ ਕਿਸਾਨ ਸਭਾ ਵੱਲੋਂ ਕੀਤਾ ਗਿਆ ।
ਇਸ ਸਬੰਧੀ ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਡਾ: ਅਸ਼ੋਕ ਨੌਵਲੇ ਨੇ ਕਿਹਾ ਕਿ ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਤਿੰਨ ਹਫਤਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਇਤਿਹਾਸਕ ਬਣਾਉਣ ਲਈ ਨਾਸਿਕ ਤੋਂ ਕਿਸਾਨ ਵਾਹਨਾਂ ਦਾ ਇੱਕ ਜਥਾ ਦਿੱਲੀ ਲਈ ਰਵਾਨਾ ਹੋਵੇਗਾ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਾਸਿਕ ਵਿੱਚ ਕਿਸਾਨਾਂ ਦੀ ਇੱਕ ਵਿਸ਼ਾਲ ਜਨਤਕ ਮੀਟਿੰਗ ਰਾਹੀਂ ਕਿਸਾਨ ਸ਼ਕਤੀ ਪ੍ਰਦਰਸ਼ਨ ਕਰਨਗੇ । ਕਿਸਾਨਾਂ ਦੇ ਵਾਹਨਾਂ ਦਾ ਜੱਥਾ ਮੱਧ ਪ੍ਰਦੇਸ਼ ਵਿੱਚ ਦਾਖਲ ਹੋਣ ਤੋਂ ਪਹਿਲਾਂ ਨਾਸਿਕ, ਧੂਲੇ ਦੇ ਓਝਰ, ਪਿੱਪਲਗਾਓਂ ਬਸਵੰਤ, ਚਾਂਦਵਾੜ, ਉਮਰੇਨ, ਮਾਲੇਗਾਓਂ ਅਤੇ ਸ਼ੇਰਪੁਰ ਤੋਂ ਗੁਜਰੇਗਾ ।
ਇਹ ਵੀ ਦੇਖੋ: ਪੰਜਾਬ ‘ਚ ਸਿਆਸੀ ਪਾਰਟੀਆਂ ਲਈ ਵੱਡਾ ਖ਼ਤਰਾ !ਮੁਲਾਜਮਾਂ ਨੇ ਚੋਣ ਲੜਨ ਦਾ ਕੀਤਾ ਐਲਾਨ