Maharashtra govt transfers: ਮਹਾਰਾਸ਼ਟਰ ਸਰਕਾਰ ਨੇ ਮੰਗਲਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਦੇ 65 ਪੁਲਿਸ ਅਧਿਕਾਰੀਆਂ ਸਣੇ 86 ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ । ਮੁੰਬਈ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਦੇ ਤਬਾਦਲੇ ਤੋਂ ਬਾਅਦ ਰਾਜ ਦੇ ਪੁਲਿਸ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਫੇਰਬਦਲ ਹੈ। ਇਸ ਤੋਂ ਪਹਿਲਾਂ ਸ਼ਾਮ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਰਾਜ ਦੇ ਉੱਚ ਅਧਿਕਾਰੀਆਂ ਨਾਲ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੈਠਕ ਕੀਤੀ ਸੀ । ਇਸ ਤੋਂ ਕੁਝ ਘੰਟਿਆਂ ਬਾਅਦ ਹੀ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੀ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਸਨ । ਇਨ੍ਹਾਂ ਦੋਵਾਂ ਮੀਟਿੰਗਾਂ ਤੋਂ ਬਾਅਦ ਹੀ ਪੁਲਿਸ ਵਿਭਾਗ ਵਿੱਚ ਇਹ ਬਦਲਾਅ ਕੀਤਾ ਗਿਆ ਹੈ।
ਦਰਅਸਲ, ਐਂਟੀਲੀਆ ਕੇਸ ਵਿੱਚ ਬਰਾਮਦ ਕੀਤੀ ਗਈ SUV ਦੇ ਮਾਲਕ ਮਨਸੁਖ ਹੀਰੇਨ ਦੀ ਕਥਿਤ ਤੌਰ ‘ਤੇ ਖੁਦਕੁਸ਼ੀ ਤੋਂ ਬਾਅਦ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਦੇ ਮੁਅੱਤਲ API ਸਚਿਨ ਵਝੇ ਤੋਂ NIA ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਇਸ ਦੌਰਾਨ ਰਾਜ ਦੀ ਇੱਕ ਹੋਰ ਮਹਿਲਾ IPS ਅਧਿਕਾਰੀ ਅਤੇ ਰਾਜ ਦੀ ਖੁਫੀਆ ਕਮਿਸ਼ਨਰ ਰਸ਼ਮੀ ਸ਼ੁਕਲਾ ਨੇ ਮਹਾਰਾਸ਼ਟਰ ਵਿੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਬਾਰੇ ਇੱਕ ਵੱਡਾ ਖੁਲਾਸਾ ਕੀਤਾ ਸੀ। ਉਨ੍ਹਾਂ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਪੁਲਿਸ ਵਿਭਾਗ ਵਿੱਚ ਦਲਾਲ ਸਰਗਰਮ ਹਨ, ਜੋ ਤਬਾਦਲੇ ਦਾ ਰੈਕੇਟ ਚਲਾਉਂਦੇ ਹਨ । ਅੱਜ ਇਸ ਮਾਮਲੇ ‘ਤੇ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਸਵੇਰੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਸੀ ਅਤੇ ਸ਼ਾਮ ਨੂੰ ਦਿੱਲੀ ਜਾ ਕੇ ਕੇਂਦਰੀ ਗ੍ਰਹਿ ਸਕੱਤਰ ਨਾਲ ਵੀ ਮੁਲਾਕਾਤ ਕੀਤੀ ਸੀ।
ਇਸ ਮਾਮਲੇ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਬੀਜੇਪੀ ਨੇਤਾ ਦੇਵੇਂਦਰ ਫੜਨਵੀਸ ਨੇ ਦਾਅਵਾ ਕੀਤਾ ਕਿ ਪੁਲਿਸ ਵਿਭਾਗ ਵਿੱਚ ਤਬਾਦਲੇ ਅਤੇ ਪੋਸਟਿੰਗ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਖੁਫੀਆ ਵਿਭਾਗ ਦੀ ਰਿਪੋਰਟ ‘ਤੇ ਉਧਵ ਸਰਕਾਰ ਨੇ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦਾ ਦਾਅਵਾ ਹੈ ਕਿ ਖੁਫੀਆ ਵਿਭਾਗ ਨੇ ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਇਹ ਰਿਪੋਰਟ ਦਿੱਤੀ ਸੀ।
ਦੱਸ ਦੇਈਏ ਕਿ ਪਰਮਬੀਰ ਸਿੰਘ ਨੇ ਰਾਜ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ‘ਤੇ ਸਨਸਨੀਖੇਜ਼ ਦੋਸ਼ ਲਗਾਏ ਹਨ । ਪਰਮਬੀਰ ਸਿੰਘ ਨੇ ਪਿਛਲੇ ਹਫਤੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇੱਕ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਪੁਲਿਸ ਅਧਿਕਾਰੀਆਂ ਨੂੰ 100 ਕਰੋੜ ਰੁਪਏ ਦੀ ਮਹੀਨਾਵਾਰ ਵਸੂਲੀ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਊਧਵ ਠਾਕਰੇ ਨੂੰ ਲਿਖੇ ਪੱਤਰ ਵਿੱਚ ਸਿੰਘ ਨੇ ਕਿਹਾ ਕਿ ਦੇਸ਼ਮੁਖ ਨੇ ਪੁਲਿਸ ਅਧਿਕਾਰੀ ਸਚਿਨ ਵਝੇ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਬਾਰਾਂ, ਰੈਸਟੋਰੈਂਟਾਂ ਅਤੇ ਅਜਿਹੀਆਂ ਹੋਰ ਸੰਸਥਾਵਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਦਾ ਟੀਚਾ ਮਿੱਥਿਆ ਹੈ।