Mamata banerjee calls to farmers: ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਸਰਗਰਮ ਹੋ ਗਈ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਦਿੱਲੀ-ਹਰਿਆਣਾ ਸਿੰਘੂ ਸਰਹੱਦ ‘ਤੇ ਡਟੇ ਕੁੱਝ ਕਿਸਾਨਾਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। ਇਕਮੁੱਠਤਾ ਦਰਸਾਉਂਦੇ ਹੋਏ ਮੁੱਖ ਮੰਤਰੀ ਮਮਤਾ ਨੇ ਕਿਸਾਨਾਂ ਦੀ ਮੰਗ ਲਈ ਸਹਿਮਤੀ ਜਤਾਈ ਜਿਸ ਤਹਿਤ ਉਹ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ।
ਇਕਮੁੱਠਤਾ ਦਿਖਾਉਣ ਲਈ ਮਮਤਾ ਨੇ ਟੀ ਐਮ ਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਤ੍ਰਿਣਮੂਲ ਕਾਂਗਰਸ ਦੀ ਤਰਫੋਂ ਕਿਸਾਨਾਂ ਨੂੰ ਮਿਲਣ ਲਈ ਭੇਜਿਆ ਹੈ। ਤ੍ਰਿਣਮੂਲ ਕਾਂਗਰਸ ਦੇ ਨੇਤਾ ਡੇਰੇਕ ਓ ਬਰਾਇਨ ਵੀ ਸਿੰਘੂ ਸਰਹੱਦ ‘ਤੇ ਪਹੁੰਚੇ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਰਾਜ ਸਭਾ ਦੇ ਸੰਸਦ ਮੈਂਬਰ ਨੇ ਇਥੇ ਕਈ ਕਿਸਾਨ ਸੰਗਠਨਾਂ ਨਾਲ ਤਕਰੀਬਨ ਚਾਰ ਘੰਟਿਆਂ ਲਈ ਮੁਲਾਕਾਤ ਕੀਤੀ।
ਮਮਤਾ ਬੈਨਰਜੀ ਨੇ ਪੰਜਾਬ ਅਤੇ ਹਰਿਆਣਾ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਮੰਗ ਤੋਂ ਜਾਣੂ ਕਰਵਾਇਆ ਅਤੇ ਇਕਜੁੱਟਤਾ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਲੈਣ ਲਈ ਇਸ ਅੰਦੋਲਨ ਦੇ ਹੱਕ ਵਿੱਚ ਖੜੇਗੀ। ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “14 ਸਾਲ ਪਹਿਲਾਂ 4 ਦਸੰਬਰ 2006 ਨੂੰ ਮੈਂ ਕੋਲਕਾਤਾ ਵਿੱਚ 26 ਦਿਨਾਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਕਿ ਖੇਤੀਬਾੜੀ ਵਾਲੀ ਜ਼ਮੀਨ ਜ਼ਬਰਦਸਤੀ ਐਕਵਾਇਰ ਨਹੀਂ ਕੀਤੀ ਜਾ ਸਕਦੀ। ਮੈਂ ਉਨ੍ਹਾਂ ਸਾਰੇ ਕਿਸਾਨਾਂ ਦਾ ਸਮਰਥਨ ਕਰਦੀ ਹਾਂ,ਜੋ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।”
ਇਹ ਵੀ ਦੇਖੋ : ਹਨੀਮੂਨ ‘ਤੇ ਜਾਣ ਦੀ ਬਜਾਏ, ਕਿਸਾਨੀ ਸੰਘਰਸ਼ ‘ਚ ਪਹੁੰਚੇ ਗਾਇਕ ‘ਜੱਸ ਬਾਜਵਾ’, ਸੁਣੋ ਕੀ ਕਹਿ ਰਹੇ ਨੇ…