Mayawati supports farmers protest: ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਈ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਇਸ ਕੜੀ ਕਈ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ।
ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਸਮੇਤ ਕਈ ਰਾਜਾਂ ਦੇ ਕਿਸਾਨ ਸੰਗਠਨ ਸ਼ਾਮਿਲ ਹਨ। ਹੁਣ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਵੀ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਉਨ੍ਹਾਂ ਲਿਖਿਆ, “ਖੇਤੀਬਾੜੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਕਿਸਾਨ ਸਾਰੇ ਦੇਸ਼ ਵਿੱਚ ਅੰਦੋਲਨ ਕਰ ਰਹੇ ਹਨ ਅਤੇ ਬਸਪਾ 8 ਦਸੰਬਰ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ “ਭਾਰਤ ਬੰਦ” ਦੇ ਐਲਾਨ ਦਾ ਸਮਰਥਨ ਕਰਦੀ ਹੈ। ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ ਜਾਂਦੀ ਹੈ।”