ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀ-20 ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਦੇ ਦੋਸ਼ ਵਿੱਚ ਆਗਰਾ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਬਾਰੇ ਪੱਤਰ ਲਿਖਿਆ ਹੈ।
ਪੱਤਰ ਵਿੱਚ ਉਨ੍ਹਾਂ ਨੇ ਇਸ ਮਾਮਲੇ ਵਿੱਚ ਪੀਐਮ ਮੋਦੀ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ, “ਮੈਂ ਤੁਹਾਨੂੰ ਦਖਲ ਦੇਣ ਦੀ ਬੇਨਤੀ ਕਰਦੀ ਹਾਂ ਤਾਂ ਜੋ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਤਬਾਹ ਨਾ ਹੋਵੇ।” ਇਨ੍ਹਾਂ ਵਿਦਿਆਰਥੀਆਂ ਨੂੰ ਟੀ-20 ਕ੍ਰਿਕੇਟ ਵਿਸ਼ਵ ਕੱਪ ਮੈਚ ਵਿੱਚ ਭਾਰਤ ਖ਼ਿਲਾਫ਼ ਜਿੱਤ ਤੋਂ ਬਾਅਦ ਪਾਕਿਸਤਾਨੀ ਖਿਡਾਰੀਆਂ ਦੀ ਤਾਰੀਫ਼ ਕਰਦੇ ਹੋਏ ਕਥਿਤ ਤੌਰ ‘ਤੇ ‘ਵਟਸਐਪ ਸਟੇਟਸ’ ਪੋਸਟ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਰਾਜਾ ਬਲਵੰਤ ਸਿੰਘ ਮੈਨੇਜਮੈਂਟ ਟੈਕਨੀਕਲ ਕੰਪਲੈਕਸ ਦੇ ਵਿਦਿਆਰਥੀਆਂ ਨੂੰ 27 ਅਕਤੂਬਰ ਦੀ ਸ਼ਾਮ ਨੂੰ ਜਗਦੀਸ਼ਪੁਰਾ ਥਾਣੇ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਮਹਿਬੂਬਾ ਮੁਫਤੀ ਨੇ ਆਗਰਾ ਦੇ ਇੱਕ ਕਾਲਜ ਤੋਂ ਗ੍ਰਿਫਤਾਰ ਕਸ਼ਮੀਰੀ ਵਿਦਿਆਰਥੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਟਵੀਟ ਕੀਤਾ ਸੀ, ”ਜੰਮੂ-ਕਸ਼ਮੀਰ ਅਤੇ ਇਸ ਤੋਂ ਬਾਹਰ ਕਸ਼ਮੀਰੀ ਵਿਦਿਆਰਥੀਆਂ ‘ਤੇ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ। ਦੋ ਸਾਲਾਂ ਦੇ ਜਬਰ ਤੋਂ ਬਾਅਦ, ਜੰਮੂ-ਕਸ਼ਮੀਰ ਦੀ ਸਥਿਤੀ ਭਾਰਤ ਸਰਕਾਰ ਲਈ ਅੱਖਾਂ ਖੋਲ੍ਹਣ ਵਾਲੀ ਅਤੇ ਸੁਧਾਰਨ ਵਾਲੀ ਹੋਣੀ ਚਾਹੀਦੀ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕਾਰਵਾਈ ਨਾਲ ਦੇਸ਼ ਭਗਤੀ ਦੀ ਭਾਵਨਾ ਨੂੰ ਨਹੀਂ ਵਧਾਇਆ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: