Minimum temperature likely to fall: ਨਵੀਂ ਦਿੱਲੀ: ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਕਮੀ ਆਵੇਗੀ । ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ-ਪੱਛਮ ਵਿੱਚ ਸੁੱਕੀਆਂ ਹਵਾਵਾਂ ਕਾਰਨ ਇਹ ਸਥਿਤੀ ਬਣੇਗੀ। ਇਸ ਤੋਂ ਇਲਾਵਾ 14 ਜਨਵਰੀ ਤੱਕ ਸ਼ੀਤ ਲਹਿਰ ਜਾਰੀ ਰਹੇਗੀ, ਨਤੀਜੇ ਵਜੋਂ ਇੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੱਕ ਪਹੁੰਚਣ ਦੀ ਪੂਰੀ ਸੰਭਾਵਨਾ ਹੈ।
ਇਸ ਸਬੰਧੀ ਮੌਸਮ ਵਿਭਾਗ ਵੱਲੋਂ ਇੱਕ ਟਵੀਟ ਕੀਤਾ ਗਿਆ। ਇਸ ਟਵੀਟ ਵਿੱਚ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਬਹੁਤੇ ਖੇਤਰਾਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਕੜਾਕੇ ਵਾਲੀ ਠੰਢ ਤੇ ਠੰਡੀਆਂ ਹਵਾਵਾਂ ਚੱਲਣਗੀਆਂ । 14 ਜਨਵਰੀ ਨੂੰ ਰਾਜਧਾਨੀ ਵਿੱਚ ਤਾਪਮਾਨ ਵਿੱਚ ਲਗਭਗ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਉੱਥੇ ਹੀ ਸਵੇਰੇ ਇਨ੍ਹਾਂ ਇਲਾਕਿਆਂ ਵਿੱਚ ਧੁੰਦ ਪਵੇਗੀ ।
ਇਸ ਤੋਂ ਅੱਗੇ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਰਾਜਸਥਾਨ ਦੇ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪਾਰਾ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ । ਐਤਵਾਰ ਰਾਤ ਨੂੰ ਚੁਰੂ ਦਾ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਗੰਗਾਨਗਰ ਦਾ ਹੇਠਲਾ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦੇਈਏ ਕਿ ਦਿੱਲੀ ਵਿੱਚ ਵੀ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਇਸ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਵੀ ਭਾਰੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ ।