More Tractors On Way To Delhi: ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 50 ਦਿਨ ਪੂਰੇ ਹੋਣ ਵਾਲੇ ਹਨ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇਸੇ ਵਿਚਾਲੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਟਰੈਕਟਰ ਰੈਲੀ ਦੇ ਐਲ਼ਾਨ ਤੋਂ ਬਾਅਦ ਵੱਡੀ ਪੰਜਾਬ ਤੋਂ ਗਿਣਤੀ ਵਿੱਚ ਲੋਕ ਦਿੱਲੀ ਵੱਲ ਰਵਾਨਾ ਹੋ ਰਹੇ ਹਨ । ਦਰਅਸਲ, ਮੰਗਲਵਾਰ ਨੂੰ ਗਣਤੰਤਰ ਦਿਵਸ ਮੌਕੇ ਟ੍ਰੈਕਟਰ ਰੈਲੀ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਟਰੈਕਟਰ ਟਰਾਲੀਆਂ ਦਾ ਵੱਡਾ ਕਾਫਲਾ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ । ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਟਰੈਕਟਰ ਪਰੇਡ ਲਈ ਕਿਸਾਨ ਜਥੇਬੰਦੀਆਂ ਵੱਲੋਂ 20 ਜਨਵਰੀ ਤੱਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਭਾਗੀਦਾਰਾਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ।
ਉੱਥੇ ਹੀ ਦੂਜੇ ਪਾਸੇ ਇਸ ਅੰਦੋਲਨ ਦੇ ਸਮਰਥਨ ਦੇ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਲੋਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਜਿਸ ਕਾਰਨ ਹੁਣ ਗੁਰਦੁਆਰਿਆਂ ਦੇ ਸਪੀਕਰਾਂ ਵਿੱਚੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ਦੀ ਗੂੰਜ ਸੁਣਾਈ ਦੇ ਰਹੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇੱਕ ਹਲਫਨਾਮਾ ਦਾਇਰ ਕੀਤਾ ਗਿਆ ਸੀ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਸੁਪ੍ਰੀਮ ਕੋਰਟ ਨੂੰ ਇਸ ਟਰੈਕਟਰ ਰੈਲੀ ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ।
ਦੱਸ ਦੇਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਕਿਸਾਨ ਸੰਘਰਸ਼ ਨਾਲ ਸਬੰਧਤ ਕਈ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ। ਜਿਸ ਵਿੱਚ ਸੁਣਵਾਈ ਕਰਦਿਆਂ ਕੋਰਟ ਵੱਲੋਂ ਤਿੰਨੋ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਗਾ ਦਿੱਤੀ ਗਈ। ਇਸ ਦੇ ਨਾਲ ਹੀ ਕੋਰਟ ਵੱਲੋਂ ਚਾਰ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੀ ਹਾਲ ਕੀਤਾ ਜਾ ਸਕੇ ।