Nails studded on roads: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 71ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਦਾ ਕੇਂਦਰ ਬਣੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡਿੰਗ ਦੇ ਨਾਲ-ਨਾਲ ਮੇਖਾਂ ਵੀ ਲਗਾਈਆਂ ਗਈਆਂ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਦੀ ਬਹੁਤ ਆਲੋਚਨਾ ਕੀਤੀ ਗਈ । ਆਲੋਚਨਾ ਅਤੇ ਵਿਵਾਦ ਤੋਂ ਬਾਅਦ ਆਖ਼ਰਕਾਰ ਸੜਕ ‘ਤੇ ਲਾਈਆਂ ਗਈਆਂ ਲੋਹੇ ਦੀਆਂ ਕਿੱਲਾਂ ਕੱਢਵਾ ਦਿੱਤੀਆਂ ਗਈਆਂ ਹਨ ।
ਦੱਸ ਦੇਈਏ ਕਿ ਬੁੱਧਵਾਰ ਰਾਤ ਨੂੰ ਬਾਰਡਰ ‘ਤੇ ਲਗਾਈਆਂ ਗਈਆਂ ਕਿੱਲਾਂ ਨੂੰ ਮੋੜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਯਾਨੀ ਕਿ ਵੀਰਵਾਰ ਨੂੰ ਇਨ੍ਹਾਂ ਨੂੰ ਪੁੱਟਿਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਅਧਿਕਾਰੀਆਂ ਨੂੰ ,ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖਰਾਬ ਹੋ ਗਈਆਂ ਸਨ, ਜਿਸ ਕਾਰਨ ਇਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਹੋਈ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਤੇ ਪ੍ਰਸਾਸ਼ਨ ਵੱਲੋਂ ਪ੍ਰਦਰਸ਼ਨ ਵਾਲੀ ਜਗ੍ਹਾ ਕਈ ਪੱਧਰਾਂ ‘ਤੇ ਬੈਰੀਕੇਡ ਲਗਾਏ ਗਏ ਹਨ ਅਤੇ ਸੁਰੱਖਿਆ ਫ਼ੋਰਸਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਗਾਜ਼ੀਪੁਰ ਬਾਰਡਰ ਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਪੁਲਿਸ ਵੱਲੋਂ ਸਥਿਤੀ ‘ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਪੈਦਲ ਜਾਣ ਵਾਲੇ ਲੋਕਾਂ ਨੂੰ ਰੋਕਣ ਲਈ ਬੈਰੀਕੇਡ ਤੋਂ ਇਲਾਵਾ ਕੰਡਿਆਲੀਆਂ ਤਾਰਾਂ ਵੀ ਲਗਾਈਆਂ ਗਈਆਂ ਹਨ।