Noida MLA Pankaj Singh: ਨੋਇਡਾ: ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬੇਟਾ ਅਤੇ ਨੋਇਡਾ ਤੋਂ ਭਾਜਪਾ ਵਿਧਾਇਕ ਪੰਕਜ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਆਮ ਲੋਕਾਂ ਦੇ ਨਾਲ-ਨਾਲ ਯੂਪੀ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਯੋਗੀ ਸਰਕਾਰ ਦੇ ਦੋ ਮੰਤਰੀ ਚੇਤਨ ਚੌਹਾਨ ਅਤੇ ਕਮਲ ਰਾਣੀ ਵਰੁਣ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਨੋਇਡਾ ਦੇ ਵਿਧਾਇਕ ਪੰਕਜ ਸਿੰਘ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਮੁੱਢਲੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਸੀ, ਜਿਸਦੀ ਰਿਪੋਰਟ ਮੰਗਲਵਾਰ ਨੂੰ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਕੇ ਜਾਂਚ ਕਰਵਾਓ।
ਦੱਸ ਦੇਈਏ ਕਿ ਮੰਗਲਵਾਰ ਨੂੰ ਰਾਜ ਸਰਕਾਰ ਦੇ ਮੰਤਰੀ ਜੀਐਸ ਧਰਮੇਸ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਗਿਆ। ਜੀਐਸ ਧਰਮੇਸ਼ ਯੋਗੀ ਸਰਕਾਰ ਵਿੱਚ ਸਮਾਜ ਭਲਾਈ ਰਾਜ ਮੰਤਰੀ ਹਨ । ਇਸ ਤੋਂ ਇਲਾਵਾ ਵਿਧਾਇਕ ਹੇਮਲਤਾ ਦਿਵਾਕਰ ਨੂੰ ਵੀ ਕੋਰੋਨਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਲਗਾਤਾਰ ਕਹਿਰ ਜਾਰੀ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੀ ਕਾਰਨ 57 ਹੋਰ ਲੋਕਾਂ ਦੀ ਮੌਤ ਹੋ ਗਈ ਹੈ।