Opposition MPs reached ghazipur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਗੂੰਜ ਸੁਣ ਰਹੀ ਹੈ। ਐਨਸੀਪੀ ਨੇਤਾ ਸੁਪ੍ਰੀਆ ਸੁਲੇ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਅੱਜ ਗਾਜੀਪੁਰ ਸਰਹੱਦ ‘ਤੇ ਪਹੁੰਚੇ ਹਨ, ਹਾਲਾਂਕਿ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ ਹੈ। ਬੀਤੇ ਕੁੱਝ ਦਿਨਾਂ ਤੋਂ, ਵਿਰੋਧੀ ਧਿਰ ਦੇ ਨੇਤਾ ਲਗਾਤਾਰ ਗਾਜੀਪੁਰ ਸਰਹੱਦ ‘ਤੇ ਇਕੱਠੇ ਹੋ ਰਹੇ ਹਨ। ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਇੱਥੇ ਕਿਸਾਨ ਅੰਦੋਲਨ ਚੱਲ ਰਿਹਾ ਹੈ।
ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 71 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ 26 ਜਨਵਰੀ ਦੀ ਘਟਨਾ ਤੋਂ ਬਾਅਦ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋ ਰਹੇ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਇਕੱਠੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠਨਾਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦੀ ਕੋਸ਼ਿਸ਼ ਇਸ ਲਹਿਰ ਨੂੰ ਹੋਰ ਵੀ ਮਜਬੂਤ ਕਰਨ ਦੀ ਹੈ।