ਦੇਸ਼ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਹੀ ਜਾ ਰਹੀਆ ਹਨ । ਅਜਿਹੀ ਇੱਕ ਘਟਨਾ ਪੰਚਕੂਲਾ ਦੇ ਸੈਕਟਰ-9 ਦੀ ਰੇਹੜੀ ਮਾਰਕੀਟ ਤੋਂ ਸਾਹਮਣੇ ਆਈ ਹੈ, ਜਿੱਥੇ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਅੱਗ ਲੱਗ ਗਈ । ਦੇਖਦੇ ਹੀ ਦੇਖਦੇ ਇਸ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਚਾਰੇ ਪਾਸੇ ਭਗਦੜ ਮਚ ਗਈ। ਇਸ ਭਿਆਨਕ ਅੱਗ ਨੇ ਕਈ ਦੁਕਾਨਾਂ ਆਪਣੀ ਲਪੇਟ ਵਿੱਚ ਲੈ ਲਈਆਂ । ਜਿਸ ਕਾਰਨ ਦੁਕਾਨਾਂ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਦੁਕਾਨਦਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਪਰ ਇਹ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣਾ ਆਸਾਨ ਨਹੀਂ ਸੀ । ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ 10 ਹੋਰ ਗੱਡੀਆਂ ਮੌਕੇ ‘ਤੇ ਪਹੁੰਚੀਆ। ਅੱਗ ਇੰਨੀ ਜ਼ਿਆਦਾ ਭੜਕ ਚੁੱਕੀ ਸੀ ਕਿ ਫਾਇਰ ਬ੍ਰਿਗੇਡ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ 5 ਘੰਟੇ ਲੱਗ ਗਏ । ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਰੇਹੜੀ ਮਾਰਕੀਟ ਦੀਆਂ 100 ਦੁਕਾਨਾਂ ਸੜ ਕੇ ਸੁਆਹ ਹੋ ਗਈਆ ਹਨ ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਪੰਚਕੂਲਾ, ਡੇਰਾਬੱਸੀ, ਚੰਡੀਗੜ੍ਹ, ਕਾਲਕਾ, ਪਿੰਜੌਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਸਨ । ਪੰਚਕੂਲਾ ਪੁਲੀਸ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ।
ਵੀਡੀਓ ਲਈ ਕਲਿੱਕ ਕਰੋ -: