Patna farmers protest: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਪਟਨਾ ਤੋਂ ਲੈ ਕੇ ਦਿੱਲੀ ਤੱਕ ਕਿਸਾਨ ਸੜਕਾਂ ‘ਤੇ ਉਤਰ ਆਏ ਹਨ ਤੇ ਇਨ੍ਹਾਂ ਕਾਲੇ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ।
ਦਰਅਸਲ, ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਅੰਦੋਲਨ ਵਿਚਕਾਰ ਪਟਨਾ ਵਿੱਚ ਅੱਜ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ ਤੇ ਲੈਫਟ ਪਾਰਟੀਆਂ ਵੱਲੋਂ ਅੱਜ ਇੱਕ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਰਾਜਭਵਨ ਤੱਕ ਕੱਢਿਆ ਜਾਵੇਗਾ। ਪਰ ਹੁਣ ਇਸੇ ਵਿਚਾਲੇ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ ਤੇ ਲੈਫਟ ਪਾਰਟੀਆਂ ਵੱਲੋਂ ਕੱਢੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰੋਕ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉੱਥੇ ਲਾਠੀਚਾਰਜ ਵੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਿਸਾਨ ਨੇਤਾ 30 ਦਸੰਬਰ ਨੂੰ 7ਵੀਂ ਵਾਰ ਸਰਕਾਰ ਵੱਲੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਜਿੱਥੇ ਇੱਕ ਪਾਸੇ ਗੱਲਬਾਤ ਕਰਨਗੇ ਤਾਂ ਉਥੇ ਹੀ ਦੂਜੇ ਪਾਸੇ ਸਿੰਘੂ ਬਾਰਡਰ ‘ਤੇ ਪੁਰਾਣੇ ਸਟੇਜ ਦੀ ਜਗ੍ਹਾ ਉਸ ਤੋਂ ਚਾਰ ਗੁਣਾ ਵੱਡਾ ਸਟੇਜ ਵੀ ਬਣ ਗਿਆ ਹੈ । ਪ੍ਰਦਰਸ਼ਨ ਵਿੱਚ ਸ਼ਾਮਿਲ ਕਿਸਾਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕਿਸਾਨ ਨੇਤਾ ਇਸ ਸਟੇਜ ਦੀ ਵਰਤੋਂ ਵੀ ਕਰਨ ਲੱਗ ਗਏ ਹਨ । ਸ਼ਾਮ ਨੂੰ ਇਸ ਸਟੇਜ ਦੀ ਵਰਤੋਂ ਰੂਹਾਨੀ ਭਾਸ਼ਣ ਅਤੇ ਸੰਗੀਤ ਲਈ ਵੀ ਕੀਤਾ ਜਾਂਦਾ ਹੈ।