ਸੁਪਰੀਮ ਕੋਰਟ ਵੱਲੋਂ ਪੇਗਾਸਸ ਜਾਸੂਸੀ ਮਾਮਲੇ ਦੀ ਵਿਸ਼ੇਸ਼ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਵੀਰਵਾਰ ਯਾਨੀ ਕਿ 5 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ । ਇਸ ਮਾਮਲੇ ਦੀ ਸੁਣਵਾਈ CJI ਐਨ ਵੀ ਰਮਨਾ ਦੀ ਬੈਂਚ ਵੱਲੋਂ ਕੀਤੀ ਜਾਵੇਗੀ।
ਇਹ ਪਟੀਸ਼ਨਾਂ ਸੀਨੀਅਰ ਪੱਤਰਕਾਰ ਐਨਰਾਮ ਅਤੇ ਸ਼ਸ਼ੀਕੁਮਾਰ, ਸੀਪੀਐਮ ਦੇ ਰਾਜ ਸਭਾ ਮੈਂਬਰ ਜੌਨ ਬ੍ਰਿਟਾਸ ਅਤੇ ਵਕੀਲ ਐਮਐਲ ਸ਼ਰਮਾ ਵੱਲੋਂ ਦਾਇਰ ਕੀਤੀਆਂ ਗਈਆਂ ਹਨ ।
ਇਹ ਵੀ ਪੜ੍ਹੋ: ਅਫਗਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟਾਂ ਨਾਲ ਹਮਲਾ, ਸਾਰੀਆਂ ਉਡਾਣਾਂ ਰੱਦ
ਪਟੀਸ਼ਨਾਂ ਵਿੱਚ ਸਰਕਾਰੀ ਏਜੇਂਸੀਆਂ ਵੱਲੋਂ ਖਾਸ ਨਾਗਰਿਕਾਂ, ਸਿਆਸਤਦਾਨਾਂ ਅਤੇ ਪੱਤਰਕਾਰਾਂ ਦੀ ਇਜ਼ਰਾਇਲੀ ਸਪਾਈਵੇਅਰ ਪੇਗਾਸਸ ਰਾਹੀਂ ਕਥਿਤ ਤੌਰ ‘ਤੇ ਜਾਸੂਸੀ ਦੀਆਂ ਖਬਰਾਂ ਦੇ ਸਬੰਧ ਵਿੱਚ ਜਾਂਚ ਕਰਵਾਉਣ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਹੈ। ਪੱਤਰਕਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਪਿਛਲੇ ਹਫਤੇ ਅਦਾਲਤ ਨੂੰ ਕਿਹਾ ਸੀ ਕਿ ਪਟੀਸ਼ਨ ਦੇ ਵਿਆਪਕ ਪ੍ਰਭਾਵਾਂ ਦੇ ਮੱਦੇਨਜ਼ਰ ਇਸ ‘ਤੇ ਤੁਰੰਤ ਸੁਣਵਾਈ ਦੀ ਲੋੜ ਹੈ ।
ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਜਾਂ ਉਸਦੀ ਕਿਸੇ ਵੀ ਏਜੇਂਸੀ ਨੇ ਪੇਗਾਸਸ ਸਪਾਈਵੇਅਰ ਦਾ ਲਾਇਸੈਂਸ ਲਿਆ, ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸਦੀ ਵਰਤੋਂ ਕੀਤੀ ਅਤੇ ਜੇ ਕਿਸੇ ਵੀ ਤਰ੍ਹਾਂ ਦੀ ਨਿਗਰਾਨੀ ਕੀਤੀ ਗਈ ਤਾਂ ਕੇਂਦਰ ਨੂੰ ਇਸਦਾ ਖੁਲਾਸਾ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ । ਇਹ ਮੁੱਦਾ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਨ ਵਾਲਾ ਹੈ ਅਤੇ ਵਿਰੋਧੀ ਨੇਤਾਵਾਂ, ਪੱਤਰਕਾਰਾਂ ਅਤੇ ਇੱਥੋਂ ਤੱਕ ਕਿ ਅਦਾਲਤੀ ਕਰਮਚਾਰੀਆਂ ਨੂੰ ਵੀ ਨਿਗਰਾਨੀ ਹੇਠ ਰੱਖਿਆ ਗਿਆ ।