PM modi cabinet meeting today: ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਅੱਜ ਮਨਜ਼ੂਰੀ ਦਿੱਤੀ ਜਾ ਸਕਦੀ ਹੈ । ਇਸ ਸਾਲ ਵਿੱਤ ਮੰਤਰੀ ਸੀਤਾਰਮਨ ਨੇ ਬਜਟ ਵਿੱਚ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਸੀ । ਇਸ ਨਵੀਂ ਸਿੱਖਿਆ ਨੀਤੀ ਤਹਿਤ ਦੇਸ਼ ਵਿੱਚ ਸਿੱਖਿਆ ਦੇ ਮਾਇਨੇ ਨੂੰ ਬਦਲਿਆ ਜਾਵੇਗਾ। ਇਹ ਨਾ ਸਿਰਫ ਨੌਜਵਾਨਾਂ ਨੂੰ ਸਿੱਖਿਆ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ, ਬਲਕਿ ਰੁਜ਼ਗਾਰ ਪ੍ਰਾਪਤ ਕਰਨਾ ਵੀ ਆਸਾਨ ਬਣਾਏਗਾ।

ਜ਼ਿਕਰਯੋਗ ਹੈ ਕਿ ਸਿੱਖਿਆ ਨੀਤੀ ਦੀ ਘੋਸ਼ਣਾ ਕਰਦਿਆਂ ਸਰਕਾਰ ਨੇ ਕਿਹਾ ਸੀ ਕਿ ਸਿੱਖਿਆ ਦੇ ਖੇਤਰ ਵਿੱਚ ਬਾਹਰੀ ਵਪਾਰਕ ਰੁਕਾਵਟ ਅਤੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਦੇ ਖੇਤਰ ਵਿੱਚ ਜ਼ਰੂਰੀ ਕਦਮ ਚੁੱਕੇ ਜਾਣਗੇ । ਸਰਕਾਰ ਨੌਜਵਾਨ ਇੰਜੀਨੀਅਰਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸਦੇ ਨਾਲ ਹੀ ਨੈਸ਼ਨਲ ਪੁਲਿਸ ਯੂਨੀਵਰਸਿਟੀ ਅਤੇ ਨੈਸ਼ਨਲ ਫੋਰੈਂਸਿਕ ਯੂਨੀਵਰਸਿਟੀ ਦਾ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟਾਪ 100 ਯੂਨੀਵਰਸਿਟੀਆਂ ਲਈ ਪੂਰੀ ਤਰ੍ਹਾਂ ਆਨਲਾਈਨ ਸਿੱਖਿਆ ਪ੍ਰੋਗਰਾਮ ਸ਼ੁਰੂ ਕਰਨ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਕਿਹਾ ਹੈ ਕਿ ਸਾਡੀ ਨਵੀਂ ਸਿੱਖਿਆ ਨੀਤੀ ਆ ਰਹੀ ਹੈ, ਇਹ ਬਹੁਤ ਸਾਰੀਆਂ ਚੀਜ਼ਾਂ ਦਾ ਹੱਲ ਕਰੇਗੀ। ਸਿੱਖਿਆ ਨੀਤੀ ਵਿੱਚ ਸਰਕਾਰ ਨੇ ਉੱਚ ਸਿੱਖਿਆ ਨੂੰ ਉਤਸ਼ਾਹਤ ਕਰਨ ਦੀ ਗੱਲ ਕਹੀ ਹੈ। ਇਸ ਨਾਲ ਨੌਜਵਾਨਾਂ ਲਈ ਪਹਿਲਾਂ ਨਾਲੋਂ ਉੱਚ ਸਿੱਖਿਆ ਪ੍ਰਾਪਤ ਕਰਨਾ ਬਹੁਤ ਸੌਖਾ ਹੋ ਜਾਵੇਗਾ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 4 ਵਜੇ ਬੈਂਕਾਂ ਅਤੇ ਐਨਬੀਐਫਸੀ ਦੇ ਹਿੱਸੇਦਾਰਾਂ ਨਾਲ ਭਵਿੱਖ ਲਈ ਵਿਜ਼ਨ ਅਤੇ ਰੋਡਮੈਪ ‘ਤੇ ਵਿਚਾਰ ਵਟਾਂਦਰੇ ਕਰਨਗੇ। ਇਸ ਸੈਸ਼ਨ ਦੇ ਏਜੰਡੇ ਵਿੱਚ ਸ਼ਾਮਿਲ ਵਿਸ਼ਿਆਂ ਵਿੱਚ ਕਰਜ਼ਾ ਉਤਪਾਦ ਅਤੇ ਡਿਲੀਵਰੀ ਲਈ ਪ੍ਰਭਾਵਸ਼ਾਲੀ ਮਾਡਲਾਂ, ਟੈਕਨਾਲੌਜੀ ਰਾਹੀਂ ਵਿੱਤੀ ਸਸ਼ਕਤੀਕਰਨ ਅਤੇ ਵਿੱਤੀ ਖੇਤਰ ਦੀ ਟਿਕਾਊਤਾ ਲਈ ਸੂਝਵਾਨ ਢੰਗ ਸ਼ਾਮਿਲ ਹਨ।






















