PM Modi On US Capitol Violence: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਹੋਈ ਹਿੰਸਾ ‘ਤੇ ਚਿੰਤਾ ਜ਼ਾਹਿਰ ਕੀਤੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਸੱਤਾ ਨੂੰ ਤਬਦੀਲ ਕਰਨਾ ਜ਼ਰੂਰੀ ਹੈ । ਦੱਸ ਦਈਏ ਕਿ ਵਾਸ਼ਿੰਗਟਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਨੇ ਕੈਪੀਟੋਲ ਹਿੱਲ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤੇ ਜਿਸ ਤੋਂ ਬਾਅਦ ਸੀਨੇਟ ਵਿੱਚ ਹੰਗਾਮਾ ਹੋ ਗਿਆ ।
ਇਸ ਸਬੰਧੀ ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, ‘ਵਾਸ਼ਿੰਗਟਨ ਡੀਸੀ ਵਿੱਚ ਹਿੰਸਾ ਅਤੇ ਗੜਬੜੀ ਦੀ ਖ਼ਬਰ ਤੋਂ ਉਹ ਦੁਖੀ ਹਨ । ਸੱਤਾ ਦਾ ਟ੍ਰਾਂਸਫਰ ਸਹੀ ਅਤੇ ਸ਼ਾਂਤਮਈ ਢੰਗ ਨਾਲ ਹੋਣਾ ਜ਼ਰੂਰੀ ਹੈ। ਅਜਿਹੇ ਪ੍ਰਦਰਸ਼ਨਾਂ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾ ਸਕਦਾ।’
ਗੌਰਤਲਬ ਹੈ ਕਿ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਹੋਈ ਇਸ ਹਿੰਸਾ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਹੈ, ਜਦੋਂਕਿ ਪੁਲਿਸ ਦੇ ਨਾਲ ਝੜਪ ਵਿੱਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਵੀ ਹੋ ਗਏ ਹਨ। ਅਮਰੀਕਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਟਰੰਪ ਸਮਰਥਕਾਂ ਨੇ ਸੀਨੇਟ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤੇ ਨਾਅਰੇਬਾਜ਼ੀ ਕਰਦੇ ਹੋਏ ਸੀਨੇਟ ਵਿੱਚ ਦਾਖਲ ਹੋ ਕੇ ਕਈ ਖੇਤਰਾਂ ‘ਤੇ ਕਬਜ਼ਾ ਵੀ ਕਰ ਲਿਆ। ਹਾਲਾਂਕਿ, ਰਾਸ਼ਟਰੀ ਗਾਰਡਾਂ ਅਤੇ ਹੋਰ ਸੁਰੱਖਿਆ ਬਲਾਂ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਬਾਹਰ ਕੱਢ ਦਿੱਤਾ। ਹੁਣ ਇੱਕ ਵਾਰ ਫਿਰ ਅਮਰੀਕੀ ਕਾਂਗਰਸ ਵਿੱਚ ਕੰਮ ਸ਼ੁਰੂ ਹੋ ਗਿਆ ਹੈ।
ਦੱਸ ਦੇਈਏ ਕਿ ਸਿਰਫ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੀ ਨਹੀਂ ਬਲਕਿ ਦੁਨੀਆ ਦੇ ਕਈ ਵੱਡੇ ਨੇਤਾਵਾਂ ਨੇ ਅਮਰੀਕੀਆਂ ਦੀ ਹਿੰਸਾ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਬ੍ਰਿਟਿਸ਼ ਪ੍ਰਧਾਨਮੰਤਰੀ ਬੌਰਿਸ ਜਾਨਸਨ ਨੇ ਵੀ ਟਵੀਟ ਕੀਤਾ ਹੈ ਕਿ ਅਮਰੀਕਾ ਤੋਂ ਖ਼ਬਰਾਂ ਆ ਰਹੀਆਂ ਹਨ, ਉਹ ਚਿੰਤਾਵਾਂ ਵਧਾਉਣ ਵਾਲੀਆਂ ਹਨ ਤੇ ਸਭ ਨੂੰ ਸ਼ਾਂਤੀ ਨਾਲ ਕੰਮ ਕਰਨਾ ਚਾਹੀਦਾ ਹੈ । ਉਨ੍ਹਾਂ ਤੋਂ ਇਲਾਵਾ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰਿਸਨ, ਨਿਊਜ਼ੀਲੈਂਡ ਦੇ ਪੀਐਮ ਜੈਸਿੰਡਾ ਨੇ ਵੀ ਟਵਿੱਟਰ ਰਾਹੀਂ ਅਮਰੀਕੀ ਹਿੰਸਾ ਦੀ ਨਿੰਦਾ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ, ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਬਿਲ ਕਲਿੰਟਨ ਨੇ ਹਿੰਸਾ ਲਈ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਸਮਰਥਕਾਂ ਨੂੰ ਯਕੀਨ ਦਿਵਾਉਣ ਦੀ ਅਪੀਲ ਵੀ ਕੀਤੀ।
ਇਹ ਵੀ ਦੇਖੋ: ਟ੍ਰੈਕਟਰ ਰੈਲੀ ਲਈ ਹੋ ਜਾਓ ਤਿਆਰ, ਜੇ ਖ਼ਰਾਬੀ ਪਈ ਤਾਂ ਮੁਫ਼ਤ ਹੋਵੇਗੀ ਰਿਪੇਅਰ