PM Modi speaks to Joe Biden: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਇਡੇਨ ਨੇ ਕੋਰੋਨਾ ਮਹਾਂਮਾਰੀ, ਮੌਸਮ ਵਿੱਚ ਤਬਦੀਲੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਬਾਰੇ ਵਿਚਾਰ ਵਟਾਂਦਰੇ ਕੀਤੇ। ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਬਾਇ ਡੇਨ ਦੀ ਜਿੱਤ ਤੋਂ ਬਾਅਦ ਦੋਵਾਂ ਨੇਤਾਵਾਂ ਵਿੱਚ ਇਹ ਪਹਿਲੀ ਗੱਲਬਾਤ ਹੈ।
ਇਸ ਸਬੰਧੀ ਪੀਐੱਮ ਮੋਦੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ। ਪੀਐਮ ਮੋਦੀ ਨੇ ਟਵੀਟ ਕਰ ਕੇ ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨਾਲ ਫੋਨ ‘ਤੇ ਗੱਲਬਾਤ ਕਰ ਕੇ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਅਸੀਂ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕੋਵਿਡ-19 ਮਹਾਂਮਾਰੀ, ਜਲਵਾਯੂ ਤਬਦੀਲੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ‘ਤੇ ਸਾਂਝੀਆਂ ਪਹਿਲਕਦਮੀ ਅਤੇ ਚੁਣੌਤੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਚੁਣੀ ਗਈ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਵੀ ਵਧਾਈ ਦਿੱਤੀ । ਉਨ੍ਹਾਂ ਕਿਹਾ, “ਉਨ੍ਹਾਂ ਦੀ ਸਫਲਤਾ ਭਾਰਤੀ ਅਮਰੀਕੀ ਭਾਈਚਾਰੇ ਲਈ ਮਾਣ ਅਤੇ ਪ੍ਰੇਰਣਾ ਦਾ ਵਿਸ਼ਾ ਹੈ । ਇਹ ਭਾਈਚਾਰਾ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਦਾ ਇੱਕ ਮਹੱਤਵਪੂਰਣ ਸੋਮਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਬਾਇਡੇਨ ਵਿਚਾਲੇ ਗੱਲਬਾਤ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਿਸ਼ਵਾਸ ਜ਼ਾਹਿਰ ਕੀਤਾ ਕਿ ਬਾਇਡਨ ਪ੍ਰਸ਼ਾਸਨ ਵਿੱਚ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ।
ਇਸ ਤੋਂ ਅੱਗੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਬਾਇਡੇਨ ਉਸ ਸਮੇਂ ਦੇ ਗਵਾਹ ਰਹੇ ਹਨ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਵਿੱਚ ਵੱਡੀ ਤਬਦੀਲੀ ਆਈ ਸੀ। ਬਾਇਡਨ ਜਦੋਂ 1970 ਦੇ ਦਹਾਕੇ ਵਿੱਚ ਸੀਨੇਟ ਦੇ ਮੈਂਬਰ ਸੀ, ਉਦੋਂ ਤੋਂ ਉਹ ਭਾਰਤ ਅਤੇ ਅਮਰੀਕਾ ਦਰਮਿਆਨ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਸਮਰਥਕ ਰਹੇ ਹਨ।
ਦੱਸ ਦੇਈਏ ਕਿ 3 ਨਵੰਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡੇਨ ਨੇ 306 ਵੋਟਾਂ ਹਾਸਿਲ ਕਰ ਕੇ ਜਿੱਤ ਦਰਜ ਕੀਤੀ ਹੈ । ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ 232 ਵੋਟਾਂ ਮਿਲੀਆਂ । ਚੋਣ ਜਿੱਤਣ ਲਈ 538 ਇਲੈਕਟੋਰਲ ਕਾਲਜ ਦੀਆਂ ਵੋਟਾਂ ਵਿੱਚੋਂ 270 ਵੋਟਾਂ ਹਾਸਿਲ ਕਰਨੀਆਂ ਪੈਂਦੀਆਂ ਹਨ ।
ਇਹ ਵੀ ਦੇਖੋ: SGPC ਦੇ 100 ਸਾਲਾਂ ਸਥਾਪਨਾ ਦਿਵਸ ‘ਤੇ ਸੁਣੋ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀਆਂ ਖਰੀਆਂ-ਖਰੀਆਂ