Pm modi speech mp farm law: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹਰ ਪ੍ਰਸਤਾਵ ਅਤੇ ਸਰਕਾਰ ਦੀ ਹਰ ਅਪੀਲ ਨੂੰ ਰੱਦ ਕਰ ਰਹੇ ਹਨ। ਪੰਜਾਬ-ਹਰਿਆਣਾ ਦੇ ਕਿਸਾਨ ਲਗਾਤਾਰ ਦਿੱਲੀ ਸਰਹੱਦ ‘ਤੇ ਪਹੁੰਚ ਰਹੇ ਹਨ। ਕਿਸਾਨ ਨੇਤਾਵਾਂ ਨੇ ਦੋਸ਼ ਲਾਇਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਰਸਤੇ ਵਿੱਚ ਹੀ ਰੋਕਿਆ ਜਾ ਰਿਹਾ ਹੈ। ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਰੋਕ ਟੋਕ ਬੰਦ ਨਾ ਕੀਤੀ ਤਾਂ ਸਾਰੀਆਂ ਸੜਕਾਂ ਦੁਬਾਰਾ ਬੰਦ ਕਰ ਦਿੱਤੀਆਂ ਜਾਣਗੀਆਂ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਦੇ ਵਿਚਕਾਰ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਮੱਧ ਪ੍ਰਦੇਸ਼ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਸੰਮੇਲਨ ਨੂੰ ਸੰਬੋਧਿਤ ਕਰਨਗੇ, ਜਿਸ ਵਿੱਚ 23 ਹਜ਼ਾਰ ਪੰਚਾਇਤੀ ਕਿਸਾਨ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇੱਥੇ ਖੇਤੀਬਾੜੀ ਕਾਨੂੰਨ ਬਾਰੇ ਬੋਲ ਸਕਦੇ ਹਨ। ਇਸ ਤੋਂ ਪਹਿਲਾਂ ਪਿੱਛਲੇ ਦਿਨੀਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਕਿਸਾਨਾਂ ਨੂੰ ਖੁੱਲਾ ਪੱਤਰ ਲਿਖ ਕੇ ਭਰੋਸਾ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਨੂੰ ਸੰਬੋਧਨ ਤੋਂ ਪਹਿਲਾ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਨਿਸ਼ਾਨਾ ਬਣਾਇਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਕਿੰਨ੍ਹੇ ਕਿਸਾਨਾਂ ਨੂੰ ਅਜੇ ਕੁਰਬਾਨੀ ਦੇਣੀ ਪਏਗੀ, ਇਹ ਕਾਨੂੰਨ ਕਦ ਵਾਪਿਸ ਹੋਣਗੇ। ਇਸ ਤੋਂ ਇਲਾਵਾ ਚਿਪਕੋ ਅੰਦੋਲਨ ਦੇ ਆਗੂ ਸੁੰਦਰ ਲਾਲ ਬਹੁਗੁਣਾ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਮੈਂ ਅੰਨਦਾਤਾ ਦੀਆਂ ਮੰਗਾਂ ਦਾ ਸਮਰਥਨ ਕਰਦਾ ਹਾਂ।