PM Modi virtual meeting: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ । ਹਰ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ ।
ਦਰਅਸਲ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੋ ਦਿਨ ਲਗਾਤਾਰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਲਗਾਤਾਰ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ, ਜੋ 16 ਜੂਨ ਅਤੇ 17 ਜੂਨ ਨੂੰ ਹੋਵੇਗੀ । ਦੋਨੋ ਦਿਨ ਪੀਐਮ ਮੋਦੀ ਦੀ ਰਾਜਾਂ ਨਾਲ ਵੀਡੀਓ ਕਾਨਫਰੰਸਿੰਗ ਦੁਪਹਿਰ 3 ਵਜੇ ਸ਼ੁਰੂ ਹੋਵੇਗੀ।
16 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨਗੇ, ਜਿੱਥੇ ਕੋਰੋਨਾ ਦੀ ਰਫਤਾਰ ਹੌਲੀ ਹੈ ਜਾਂ ਜਿੱਥੇ ਕੋਰੋਨਾ ਦੇ ਮਰੀਜ਼ਾਂ ਦਾ ਰਿਕਵਰੀ ਰੇਟ ਬਹੁਤ ਵਧੀਆ ਹੈ । ਇਨ੍ਹਾਂ ਰਾਜਾਂ ਵਿੱਚ ਪੰਜਾਬ, ਅਸਾਮ, ਕੇਰਲ, ਉਤਰਾਖੰਡ ਅਤੇ ਝਾਰਖੰਡ ਵਰਗੇ ਕਈ ਰਾਜ ਸ਼ਾਮਿਲ ਹਨ।
ਉੱਥੇ ਹੀ 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ, ਜਿੱਥੇ ਕੋਰੋਨਾ ਵਾਇਰਸ ਦੀ ਲਾਗ ਦਰ ਬਹੁਤ ਜ਼ਿਆਦਾ ਹੈ । 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ ਅਤੇ ਰਾਜਸਥਾਨ ਸਮੇਤ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਵਾਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰ ਚੁੱਕੇ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕਈ ਵਾਰ ਲਾਕਡਾਊਨ ਵਧਾਉਣ, ਕੁਝ ਆਰਥਿਕ ਗਤੀਵਿਧੀਆਂ ਖੋਲ੍ਹਣ ਦੇ ਫੈਸਲੇ ਲਏ ਜਾ ਚੁੱਕੇ ਹਨ ।