ਪਿਛਲੇ ਲਗਭਗ 10 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਲਗਾਤਰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ 12 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਕੋਈ ਹੱਲ ਨਹੀਂ ਨਿਕਲਿਆ। ਉੱਥੇ ਹੀ ਬੀਤੇ ਦਿਨ ਪੰਜਾਬ ਦੇ ਨਵੇਂ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਚੰਨੀ ਨਾਲ ਹੋਈ ਗੱਲਬਾਤ ਦੇ ਕੁੱਝ ਘੰਟਿਆਂ ਬਾਅਦ ਹੀ ਪ੍ਰਧਾਨ ਮੰਤਰੀ ਦਾ ਖੇਤੀਬਾੜੀ ਕਾਨੂੰਨਾਂ ‘ਤੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਕਾਨੂੰਨਾਂ ‘ਤੇ ਬੋਲਦਿਆਂ PM ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ‘ਚ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਉਨ੍ਹਾਂ ਹੀ ਸੁਧਾਰਾਂ ਦਾ ਵਿਰੋਧ ਕਰਨ ਦੀ ਨਿੰਦਾ ਕਰਦੇ ਹਨ ਜਿਨ੍ਹਾਂ ਲਈ ਉਨ੍ਹਾਂ ਨੇ ਖ਼ੁਦ ਵਾਅਦੇ ਕੀਤੇ ਸਨ। ਇੱਕ ਮੈਗਜ਼ੀਨ ਦੇ ਨਾਲ ਇੱਕ ਇੰਟਰਵਿਊ ਵਿੱਚ, ਪੀਐਮ ਮੋਦੀ ਨੇ ਰਾਜਨੀਤਿਕ ਪਾਰਟੀਆਂ ਦੀ ‘intellectual dishonesty’ ਤੇ ਬੋਲਦਿਆਂ ਕਿਹਾ ਕਿ ਉਹ ਕਿਸ ਤਰ੍ਹਾਂ ਕਿਸਾਨ ਪੱਖੀ ਸੁਧਾਰਾਂ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਸਨ ਜਿਸਦਾ ਉਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ। ਪੀਐਮ ਮੋਦੀ ਨੇ ਕਿਹਾ, “ਅਜਿਹੀਆਂ ਰਾਜਨੀਤਿਕ ਪਾਰਟੀਆਂ ਹਨ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕਰਦੀਆਂ ਹਨ, ਇੱਥੋਂ ਤੱਕ ਕਿ ਉਨ੍ਹਾਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਵੀ ਰੱਖਦੀਆਂ ਹਨ। ਫਿਰ ਜਦੋਂ ਉਹੀ ਵਾਅਦੇ ਪੂਰੇ ਕਰਨ ਦਾ ਸਮਾਂ ਆਉਂਦਾ ਹੈ, ਤਾਂ ਇਹ ਪਾਰਟੀਆਂ ਯੂ-ਟਰਨ ਮਾਰ ਜਾਂਦੀਆਂ ਹਨ ਅਤੇ ਉਨ੍ਹਾਂ ਵਾਅਦਿਆਂ ਬਾਰੇ ਸਭ ਤੋਂ ਜ਼ਿਆਦਾ ਗਲਤ ਜਾਣਕਾਰੀ ਫੈਲਾਉਂਦੀਆਂ ਹਨ ਜੋ ਉਨ੍ਹਾਂ ਨੇ ਖੁਦ ਕੀਤੇ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਨੀਤਿਕ ਵਿਰੋਧੀ ਪਾਰਟੀਆਂ ਸਿਆਸੀ ਲਾਹਾ ਲੈਣ ਦੀ ਲੋਕਾਂ ਨਾਲ ਧੋਖਾਧੜੀ ਕਰ ਰਹੀਆਂ ਹਨ।