PM Narendra Modi address nation: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ । ਇਹ ‘ਮਨ ਕੀ ਬਾਤ’ ਦਾ 66 ਵਾਂ ਐਪੀਸੋਡ ਹੋਵੇਗਾ । ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਚੀਨ ਦੇ ਤਣਾਅ ਬਾਰੇ ਗੱਲ ਕਰ ਸਕਦੇ ਹਨ । ਇਹ ਪ੍ਰੋਗਰਾਮ ਐਤਵਾਰ ਯਾਨੀ ਕਿ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਦਰਅਸਲ, ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਕਿਹਾ ਸੀ ਕਿ ਐਤਵਾਰ ਨੂੰ ਸਵੇਰੇ 11 ਵਜੇ ਮਨ ਕੀ ਬਾਤ ਪ੍ਰੋਗਰਾਮ ਸੁਣੋ । ਇਹ ਮਨ ਕੀ ਬਾਤ ਪ੍ਰੋਗਰਾਮ ਦਾ 66ਵਾਂ ਐਪੀਸੋਡ ਹੈ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖ਼ਰੀ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨਾਲ ਗੱਲਬਾਤ ਕਰਦੇ ਹਨ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਲਈ ਸੁਝਾਅ ਅਤੇ ਵਿਚਾਰ ਮੰਗੇ ਸਨ । ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਸੀ ਕਿ ਵੱਧ ਤੋਂ ਵੱਧ ਲੋਕ ਆਪਣੇ ਵਿਚਾਰ ਸਾਂਝੇ ਕਰਨ । ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਮੈਂ ਯਕੀਨਨ ਕਹਿ ਸਕਦਾ ਹਾਂ ਕਿ ਕੋਵਿਡ-19 ਨਾਲ ਲੜਾਈ ਅਤੇ ਹੋਰ ਕਈ ਮੁੱਦਿਆਂ ‘ਤੇ ਕਹਿਣ ਲਈ ਤੁਹਾਡੇ ਕੋਲ ਬਹੁਤ ਕੁਝ ਹੋਵੇਗਾ ।
ਦਰਅਸਲ, ਜਦੋਂ ਪ੍ਰਧਾਨ ਮੰਤਰੀ ਨੇ 14 ਜੂਨ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਲਈ ਲੋਕਾਂ ਤੋਂ ਸੁਝਾਅ ਮੰਗੇ ਸਨ, ਤਾਂ ਗਲਵਾਨ ਵਿੱਚ ਚੀਨੀ ਧੋਖੇ ਦੀ ਘਟਨਾ ਸਾਹਮਣੇ ਨਹੀਂ ਆਈ ਸੀ। 15 ਜੂਨ ਦੀ ਰਾਤ ਨੂੰ ਭਾਰਤੀ ਫੌਜ ਦਾ ਮੁਕਾਬਲਾ ਚੀਨੀ ਫੌਜ ਨਾਲ ਗਲਵਾਨ ਵਿੱਚ ਹੋਇਆ ਸੀ । ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਆਪਣੀ ਗੱਲਬਾਤ ਵਿੱਚ ਗਲਵਾਨ ਵਿੱਚ ਭਾਰਤੀ ਫੌਜ ਦੀ ਤਾਕਤ ਦਾ ਜ਼ਿਕਰ ਕਰ ਸਕਦੇ ਹਨ।